ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 25 ਜੂਨ
ਦਿੱਲੀ ਦੀ ਜਲ ਮੰਤਰੀ ਆਤਿਸ਼ੀ ਮਾਰਲੇਨਾ ਜੋ ਕੌਮੀ ਰਾਜਧਾਨੀ ਵਿੱਚ ਪਾਣੀ ਦੀ ਕਮੀ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਹਨ, ਨੂੰ ਅੱਜ ਸਿਹਤ ਵਿਗੜਨ ਤੋਂ ਬਾਅਦ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ‘ਆਪ’ ਵੱਲੋਂ ਐਕਸ ’ਤੇ ਪਾਈ ਪੋਸਟ ਅਨੁਸਾਰ ਆਤਿਸ਼ੀ ਦਾ ਬਲੱਡ ਸ਼ੂਗਰ ਪੱਧਰ ਅੱਧੀ ਰਾਤ ਨੂੰ 43 ਅਤੇ ਤੜਕੇ 3 ਵਜੇ 36 ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਹੋਣ ਦੀ ਸਲਾਹ ਦਿੱਤੀ ਗਈ। ਪੋਸਟ ਵਿੱਚ ਲਿਖਿਆ ਹੈ, ‘ਆਤਿਸ਼ੀ ਨੇ ਪਿਛਲੇ ਪੰਜ ਦਿਨਾਂ ਤੋਂ ਕੁਝ ਨਹੀਂ ਖਾਧਾ ਹੈ ਅਤੇ ਉਹ ਹਰਿਆਣਾ ਸਰਕਾਰ ਤੋਂ ਦਿੱਲੀ ਦੇ ਹਿੱਸੇ ਦਾ ਪਾਣੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ।’ ਬਾਅਦ ਵਿੱਚ ‘ਆਪ’ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੱਸਿਆ ਕਿ ਆਤਿਸ਼ੀ ਦਾ ਬਲੱਡ ਸ਼ੂਗਰ ਪੱਧਰ 36 ਤੱਕ ਡਿੱਗ ਗਿਆ ਹੈ। ਉਨ੍ਹਾਂ ਦੱਸਿਆ, ‘ਜਦੋਂ ਡਾਕਟਰਾਂ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਤਾਂ ਅਸੀਂ ਰਾਤ ਨੂੰ ਹੀ ਉਨ੍ਹਾਂ ਨੂੰ ਐੱਲਐੱਨਜੇਪੀ ਹਸਪਤਾਲ ਲੈ ਆਏ। ਉਸ ਨੂੰ ਆਈਸੀਯੂ ’ਚ ਰੱਖਿਆ ਗਿਆ ਹੈ। ਅਸੀਂ ਸਾਰੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।’ ਉਨ੍ਹਾਂ ਕਿਹਾ ਕਿ ਪਿਛਲੇ 3 ਹਫ਼ਤਿਆਂ ਤੋਂ ਹਰਿਆਣਾ ਦੀ ਭਾਜਪਾ ਸਰਕਾਰ ਦਿੱਲੀ ਦੇ ਹਿੱਸੇ ਦਾ 100 ਐੱਮਜੀਡੀ ਪਾਣੀ ਨਹੀਂ ਜਾਰੀ ਨਹੀਂ ਕਰ ਰਹੀ, ਜਿਸ ਕਾਰਨ 28 ਲੱਖ ਲੋਕਾਂ ਨੂੰ ਪਾਣੀ ਨਹੀਂ ਮਿਲ ਰਿਹਾ। ਆਤਿਸ਼ੀ ਨੇ ਦਿੱਲੀ ਨੂੰ ਉਹ ਪਾਣੀ ਦਿਵਾਉਣ ਲਈ ਕਈ ਕੋਸ਼ਿਸ਼ਾਂ ਕੀਤੀਆਂ, ਜਿਸ ਦਾ ਉਹ ਹੱਕਦਾਰ ਸੀ, ਪਰ ਕੋਈ ਹੱਲ ਨਹੀਂ ਨਿਕਲਿਆ। ਇਸ ਕਾਰਨ ਉਹ 5 ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ।