ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਦਸੰਬਰ
ਕਿਸਾਨ ਧਰਨੇ ਦੌਰਾਨ ‘ਪੰਜਾਬ-ਹਰਿਆਣਾ ਭਾਈ ਭਾਈ’ ਦੇ ਨਾਅਰੇ ਗੂੰਜੇ ਤੇ ਕਿਸਾਨਾਂ ਨੇ ਹਰਿਆਣਾ ਸਰਕਾਰ ਨੂੰ ਚੇਤਾਉਣ ਲਈ ਧਰਨੇ ਦੇ ਮੰਚ ਨੇੜੇ ਰੋਸ ਪ੍ਰਦਰਸ਼ਨ ਵੀ ਕੀਤਾ। ਪੰਜਾਬ ਤੇ ਹਰਿਆਣਾ ਦੇ ਕਿਸਾਨ ਆਗੂਆਂ ਨੇ ਭਾਜਪਾ ਆਗੂਆਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਅੰਦੋਲਨ ਕਰਨ ਵਾਲਿਆਂ ਖ਼ਿਲਾਫ਼ ਹਾਕਮਾਂ ਵੱਲੋਂ ਕੋਝੇ ਹੱਥਕੰਡੇ ਅਪਣਾਏ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੰਡ ਪਾਊ ਜੁਗਤਾਂ ਨਾਕਾਮ ਰਹੀਆਂ ਹਨ ਤੇ ਕਿਸਾਨਾਂ ਦੇ ਏਕੇ ਨੇ ਠੰਢ ਵਿੱਚ ਵੀ ਕੇਂਦਰ ਸਰਕਾਰ ਨੂੰ ਤਰੇਲੀਆਂ ਲਿਆ ਦਿੱਤੀਆਂ ਹਨ। ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਬੀਤੇ ਦਿਨੀਂ ਛੇ ਨੌਜਵਾਨਾਂ ਨੂੰ ਫੜ ਕੇ ਕੁੰਡਲੀ ਦੀ ਪੁਲੀਸ ਦੇ ਹਵਾਲੇ ਕੀਤਾ ਗਿਆ ਸੀ ਜੋ ਟਰਾਲੀਆਂ ਦੀਆਂ ਸ਼ੱਕੀ ਢੰਗ ਨਾਲ ਤਸਵੀਰਾਂ ਖਿੱਚ ਰਹੇ ਸਨ।