ਲਖਨਊ, 6 ਮਾਰਚ
ਸਮਾਜਵਾਦੀ ਪਾਰਟੀ (ਸਪਾ) ਮੁਖੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਵਾਲਾ ਗੱਠਜੋੜ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਜੇਤੂ ਬਣ ਕੇ ਉੱਭਰੇਗਾ ਅਤੇ ਸੂਬੇ ਦੇ ਲੋਕਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਮਾਣ ਦੀ ਰਾਖੀ ਲਈ ਕੰਮ ਕਰੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਜਮਹੂਰੀਅਤ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੋਕਾਂ ਨੂੰ ਸੋਮਵਾਰ ਨੂੰ ਚੋਣਾਂ ਦੇ ਸੱਤਵੇਂ ਅਤੇ ਆਖਰੀ ਗੇੜ ਦੌਰਾਨ ਵੱਧ ਤੋਂ ਵੱਧ ਗਿਣਤੀ ’ਚ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਉੱਤਰ ਪ੍ਰਦੇਸ਼ ’ਚ ਚੋਣਾਂ ਦੇ 7ਵੇਂ ਗੇੜ ਦੌਰਾਨ 7 ਮਾਰਚ ਨੂੰ 9 ਜ਼ਿਲ੍ਹਿਆਂ ’ਚ 54 ਵਿਧਾਨ ਸਭਾ ਹਲਕਿਆਂ ਲਈ ਵੋਟਾਂ ਪੈਣੀਆਂ ਹਨ।
ਯਾਦਵ ਨੇ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਨਾਲ ਅਨਿਆਂ ਹੋਇਆ ਹੈ ਅਤੇ ਸਮਾਜਵਾਦੀ ਪਾਰਟੀ ਉਨ੍ਹਾਂ ਨਾਲ ਡਟ ਕੇ ਖੜ੍ਹੀ ਰਹੀ ਹੈ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ, ‘‘ਸਮਾਜਵਾਦੀ ਪਾਰਟੀ ਦੀ ਬੁਨਿਆਦ ਵਿੱਚ ਸੁਤੰਤਰਤਾ ਸੰਗਰਾਮ ਦੀਆਂ ਕੀਮਤਾਂ ਹਨ। ਸਮਾਜਵਾਦੀ ਪਾਰਟੀ ਸੰਵਿਧਾਨ ਅਤੇ ਜਮਹੂਰੀ ਪ੍ਰਬੰਧ ਅਤੇ ਬਰਾਬਰ ਅਧਿਕਾਰ ਵਾਲਾ ਸਮਾਜ ਸਥਾਪਤ ਕਰਨ ਲਈ ਵਚਨਬੱਧ ਹੈ।’’ -ਪੀਟੀਆਈ