ਨਵੀਂ ਦਿੱਲੀ: ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਜੰਤਰ ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇੱਕਜੁਟਤਾ ਦਿਖਾਉਣ ਲਈ ਸ਼ੁੱਕਰਵਾਰ 6 ਅਗਸਤ ਨੂੰ ਉੱਥੇ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਹਨ। ਸੂਤਰਾਂ ਨੇ ਅੱਜ ਦੱਸਿਆ ਕਿ ਵਿਰੋਧੀ ਪਾਰਟੀਆਂ ਦੇ ਨੇਤਾ, ਜੋ ਪੈਗਾਸਸ ਮੁੱਦੇ ’ਤੇ ਚਰਚਾ ਅਤੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਨਹੀਂ ਚੱਲਣ ਦੇ ਰਹੇ, ਪ੍ਰਦਰਸ਼ਨ ਸਬੰਧੀ ਅੰਤਿਮ ਫ਼ੈਸਲੇ ਲਈ ਸ਼ੁੱਕਰਵਾਰ ਨੂੰ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਮੀਟਿੰਗ ’ਚ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੀ ਸ਼ਾਮਲ ਹੋ ਸਕਦੇ ਹਨ। ਇੱਕ ਸੀਨੀਅਰ ਵਿਰੋਧੀ ਨੇਤਾ ਦੱਸਿਆ, ‘ਵਿਰੋਧੀ ਸੰਸਦ ਮੈਂਬਰਾਂ ਵੱਲੋਂ ਸਵੇਰੇ ਜੰਤਰ ਮੰਤਰ ’ਤੇ ਪ੍ਰਦਰਸ਼ਨ ਕਰਨ ਦੀ ਸੰਭਾਵਨਾ ਹੈ। ਇਸ ਬਾਰੇ ਫ਼ੈਸਲਾ ਭਲਕੇ ਮੀਟਿੰਗ ’ਚ ਲਿਆ ਜਾਵੇਗਾ।’ -ਪੀਟੀਆਈ