ਨਵੀਂ ਦਿੱਲੀ, 29 ਜੁਲਾਈ
ਸੁਪਰੀਮ ਕੋਰਟ ਨੇ ਅੱਜ ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਬਿਆਨ ਕਿ ਸਾਬਕਾ ਕੇਂਦਰੀ ਮੰਤਰੀ ਸੈਫੂਦੀਨ ਸੋਜ਼ ਨੂੰ ਕਦੇ ਵੀ ਨਜ਼ਰਬੰਦ ਨਹੀਂ ਕੀਤਾ ਗਿਆ, ਨੂੰ ਰਿਕਾਰਡ ’ਤੇ ਲੈਂਦਿਆਂ ਸੀਨੀਅਰ ਕਾਂਗਰਸ ਆਗੂ ਦੀ ਪਤਨੀ ਵਲੋਂ ਰਿਹਾਈ ਦੀ ਮੰਗ ਸਬੰਧੀ ਪਾਈ ਪਟੀਸ਼ਨ ਰੱਦ ਕਰ ਦਿੱਤੀ। ਜਸਟਿਸ ਅਰੁਣ ਮਿਸ਼ਰਾ, ਜਸਟਿਸ ਵਿਨੀਤ ਸਰਨ ਅਤੇ ਜਸਟਿਸ ਐੱਮ.ਆਰ. ਸ਼ਾਹ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਦਾਇਰ ਹਲਫ਼ਨਾਮਾ ਰਿਕਾਰਡ ’ਤੇ ਲਿਆ, ਜਿਸ ਵਿੱਚ ਕਿਹਾ ਗਿਆ ਸੀ ਕਿ ਸੋਜ਼ ਦੇ ਆਊਣ-ਜਾਣ ’ਤੇ ਕੋਈ ਪਾਬੰਦੀਆਂ ਨਹੀਂ ਲਾਈਆਂ ਗਈਆਂ ਸਨ। ਸਿਖਰਲੀ ਅਦਾਲਤ ਨੇ ਸੋਜ਼ ਦੀ ਪਤਨੀ ਮੁਮਤਾਜ਼ੁਨਿਸਾ ਸੋਜ਼ ਦੀ ਪਟੀਸ਼ਨ ਰੱਦ ਕਰਦਿਆਂ ਕਿਹਾ ਕਿ ਇਸ ’ਤੇ ਸੁਣਵਾਈ ਨਹੀਂ ਕੀਤੀ ਜਾ ਸਕਦੀ।