ਨਵੀਂ ਦਿੱਲੀ, 18 ਸਤੰਬਰ
ਰਾਜ ਸਭਾ ਵਿਚ ਕਾਂਗਰਸੀ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਚ ਕਥਿਤ ਤੌਰ ‘ਤੇ ਨਾਜਾਇਜ਼ ਸ਼ਰਾਬ ਫੈਕਟਰੀਆਂ ’ਤੇ ਰੋਕ ਲਗਾਉਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਸ਼ਹਿ ਮਿਲ ਰਹੀ ਹੈ, ਉਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਾਜਾਇਜ਼ ਫੈਕਟਰੀਆਂ ਦੀ ਜ਼ਹਿਰੀਲੀ ਸ਼ਰਾਬ ਨੇ ਪਿਛਲੇ ਮਹੀਨੇ ਪੰਜਾਬ ਵਿੱਚ 136 ਲੋਕਾਂ ਨੂੰ ਮਾਰ ਦਿੱਤਾ ਹੈ ਅਤੇ ਤਕਰੀਬਨ 150 ਵਿਅਕਤੀਆਂ ਦਾ ਹਸਪਤਾਲਾਂ ਵਿੱਚ ਇਲਾਜ ਕੀਤਾ ਗਿਆ। ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਚਲੀਆਂ ਗਈਆਂ ਤੇ ਕਈਆਂ ਦੇ ਗੁਰਦੇ ਖ਼ਰਾਬ ਹੋ ਗਏ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਗ਼ੈਰਕਾਨੂੰਨੀ ਸ਼ਰਾਬ ਦੀਆਂ ਫੈਕਟਰੀਆਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ, ਜਿਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਅਜਿਹੀਆਂ ਨੌਂ ਨਾਜਾਇਜ਼ ਫੈਕਟਰੀਆਂ ਫੜੀਆਂ ਗਈਆਂ ਹਨ ਪਰ ਉਨ੍ਹਾਂ ਦੇ ਮਾਲਕਾਂ ਨੂੰ ਅਜੇ ਤੱਕ ਫੜਿਆ ਨਹੀਂ ਜਾ ਸਕਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨਾਜਾਇਜ਼ ਸ਼ਰਾਬ ਗੁਆਂਢੀ ਰਾਜਾਂ ਹਰਿਆਣਾ, ਰਾਜਸਥਾਨ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵਿਕਦੀ ਹੈ। ਕੇਂਦਰ ਸਰਕਾਰ ਨੂੰ ਇਸ ਮੁੱਦੇ ’ਤੇ ਦਖਲ ਦੇਣਾ ਚਾਹੀਦਾ ਹੈ ਅਤੇ ਅਜਿਹੀਆਂ ਫੈਕਟਰੀਆਂ ਬੰਦ ਕਰਨੀਆਂ ਚਾਹੀਦੀਆਂ ਹਨ।