ਨਵੀਂ ਦਿੱਲੀ, 29 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਆਪਣੀ ਰਿਹਾਇਸ਼ ’ਤੇ ਸਿੱਖ ਵਫ਼ਦ ਦੀ ਮੇਜ਼ਬਾਨੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਹੋਰਨਾਂ ਮੁਲਕਾਂ ਨਾਲ ਭਾਰਤ ਦੇ ਰਿਸ਼ਤਿਆਂ ਵਿੱਚ ਇੱਕ ਮਜ਼ਬੂਤ ਕੜੀ ਰਿਹਾ ਹੈ। ਸ੍ਰੀ ਮੋਦੀ ਨੇ ਕਿਹਾ, ‘‘ਮੈਂ ਭਾਰਤੀ ਪ੍ਰਵਾਸੀਆਂ ਨੂੰ ਹਮੇਸ਼ਾ ‘ਰਾਸ਼ਟਰਦੂਤ’ ਮੰਨਿਆ ਹੈ। ਪੂਰਾ ਦੇਸ਼ ਅਜ਼ਾਦੀ ਦੇ ਸੰਘਰਸ਼ ਅਤੇ ਆਜ਼ਾਦੀ ਤੋਂ ਬਾਅਦ ਦੇ ਦੌਰ ਵਿੱਚ ਸਿੱਖਾਂ ਦੇ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦੀ ਮਹਿਸੂਸ ਕਰਦਾ ਹੈ।’’ ਉਨ੍ਹਾਂ ਕਿਹਾ ਕਿ ਗੁਰੂਆਂ ਨੇ ਲੋਕਾਂ ਨੂੰ ਪ੍ਰੇਰਿਤ ਕੀਤਾ ਅਤੇ ਸਿੱਖ ਰਵਾਇਤ ਅਸਲ ਵਿੱਚ ‘ਏਕ ਭਾਰਤ, ਸ੍ਰੇਸ਼ਠ ਭਾਰਤ’ ਦੀ ਜਿਉਂਦੀ ਜਾਗਦੀ ਪਿਰਤ ਹੈ। ਪ੍ਰਧਾਨ ਮੰਤਰੀ ਨੂੰ ਮਿਲਣ ਵਾਲੇ ਵਫ਼ਦ ਵਿੱਚ ਵੱਖ ਵੱਖ ਵਰਗਾਂ ਦੇ ਨੁਮਾਇੰਦੇ ਸ਼ਾਮਲ ਸਨ। ਇਸ ਤੋਂ ਪਹਿਲਾਂ ਸ੍ਰੀ ਮੋਦੀ ਨੇ ਅੱਜ ਦਿਨੇ ਟਵੀਟ ਕਰਕੇ ਸਿੱਖ ਵਫ਼ਦ ਨਾਲ ਤਜਵੀਜ਼ਤ ਮੁਲਾਕਾਤ ਦੀ ਜਾਣਕਾਰੀ ਸਾਂਝੀ ਕੀਤੀ ਸੀ। -ਪੀਟੀਆਈ