ਨਵੀਂ ਦਿੱਲੀ, 4 ਜੁਲਾਈ
ਸੁਪਰੀਮ ਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ‘ਅਗਨੀਪਥ’ ਸਕੀਮ ਨੂੰ ਚੁਣੌਤੀ ਦਿੰਦੀ ਪਟੀਸ਼ਨਾਂ ’ਤੇ ਅਗਲੇ ਹਫ਼ਤੇ ਸੁਣਵਾਈ ਲਈ ਹਾਮੀ ਭਰ ਦਿੱਤੀ ਹੈ। ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਏ.ਕੇ.ਮਹੇਸ਼ਵਰੀ ਦੇ ਵੈਕੇਸ਼ਨ ਬੈਂਚ ਨੇ ਕਿਹਾ ਕਿ ਅਗਲੇ ਹਫ਼ਤੇ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸੁਪਰੀਮ ਕੋਰਟ ਖੁੱਲ੍ਹਣ ਮਗਰੋਂ ਸਬੰਧਤ ਪਟੀਸ਼ਨਾਂ ਢੁੱਕਵੇਂ ਬੈਂਚ ਕੋਲ ਸੂਚੀਬੰਦ ਕੀਤੀਆਂ ਜਾਣਗੀਆਂ। ਸਰਕਾਰ ਨੇ ਪਿਛਲੇ ਮਹੀਨੇ ਅਗਨੀਪਥ ਸਕੀਮ ਦਾ ਐਲਾਨ ਕੀਤਾ ਸੀ, ਜਿਸ ਤਹਿਤ ਸਾਢੇ ਸਤਾਰਾਂ ਸਾਲ ਤੋਂ 21 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ‘ਅਗਨੀਵੀਰ’ ਵਜੋਂ ਚਾਰ ਸਾਲ ਦੇ ਅਰਸੇ ਲਈ ਹਥਿਆਰਬੰਦ ਬਲਾਂ ਵਿੱਚ ਭਰਤੀ ਕੀਤਾ ਜਾਣਾ ਹੈ। ਚਾਰ ਸਾਲਾਂ ਮਗਰੋਂ ਇਨ੍ਹਾਂ ਵਿੱਚੋਂ 25 ਫੀਸਦ ਨੌਜਵਾਨਾਂ ਨੂੰ ਰੈਗੂਲਰ ਨਿਯੁਕਤੀ ਦੇ ਕੇ ਬਾਕੀਆਂ ਨੂੰ ਕੁਝ ਰਕਮ ਦੇ ਨਾਲ ਵਾਪਸ ਘਰਾਂ ਨੂੰ ਭੇਜ ਦਿੱਤਾ ਜਾਵੇਗਾ। -ਪੀਟੀਆਈ