ਨਵੀਂ ਦਿੱਲੀ, 12 ਫਰਵਰੀ
ਸੁਪਰੀਮ ਕੋਰਟ ਨੇ ਸਾਲ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਅੰਤ੍ਰਿਮ ਜ਼ਮਾਨਤ ਵਧਾ ਦਿੱਤੀ ਹੈ। ਇਸ ਹਿੰਸਾ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋਈ ਸੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਸੁਪਰੀਮ ਕੋਰਟ ਦੇ ਰਜਿਸਟਰ ਨੂੰ ਹੇਠਲੀ ਅਦਾਲਤ ਤੋਂ ਮਾਮਲੇ ਦੀ ਪ੍ਰਗਤੀ ਬਾਰੇ ਰਿਪੋਰਟ ਲੈਣ ਦਾ ਨਿਰਦੇਸ਼ ਦਿੱਤਾ ਅਤੇ ਸੁਣਵਾਈ ਮੁਲਤਵੀ ਕਰ ਦਿੱਤੀ। ਪਿਛਲੇ ਸਾਲ 26 ਸਤੰਬਰ ਨੂੰ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦੀਆਂ ਸ਼ਰਤਾਂ ‘ਚ ਢਿੱਲ ਦਿੱਤੀ ਸੀ ਤਾਂ ਜੋ ਉਹ ਆਪਣੀ ਬਿਮਾਰ ਮਾਂ ਦੀ ਦੇਖਭਾਲ ਅਤੇ ਧੀ ਦੇ ਇਲਾਜ ਲਈ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਜਾ ਸਕੇ।