ਨਵੀਂ ਦਿੱਲੀ, 27 ਸਤੰਬਰ
ਸੁਪਰੀਮ ਕੋਰਟ ਨੇ ਸਮਾਜਿਕ ਕਾਰਕੁਨ ਗੌਤਮ ਨਵਲੱਖਾ ਦੀ ਐਲਗਾਰ ਪ੍ਰੀਸ਼ਦ ਕੇਸ ਵਿੱਚ ਨਿਆਂਇਕ ਹਿਰਾਸਤ ਦੀ ਥਾਂ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦੀ ਮੰਗ ਕਰਦੀ ਪਟੀਸ਼ਨ ’ਤੇ ਕੌਮੀ ਜਾਂਚ ਏਜੰਸੀ (ਐੱਨਆਈਏ) ਤੇ ਮਹਾਰਾਸ਼ਟਰ ਸਰਕਾਰ ਤੋਂ ਜਵਾਬ ਮੰਗਿਆ ਹੈ। 70 ਸਾਲਾ ਕਾਰਕੁਨ ਨੇ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਬੰਬੇ ਹਾਈ ਕੋਰਟ ਦੇ 26 ਅਪਰੈਲ ਦੇ ਉਨ੍ਹਾਂ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਮੁੰਬਈ ਨੇੜਲੀ ਤਾਲੋਜਾ ਜੇਲ੍ਹ ਵਿੱਚ ਮੈਡੀਕਲ ਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਦੇ ਹਵਾਲੇ ਨਾਲ ਉਸ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਸਬੰਧੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। ਨਵਲੱਖਾ ਨੂੰ ਮੌਜੂਦਾ ਸਮੇਂ ਇਸੇ ਜੇਲ੍ਹ ਵਿੱਚ ਰੱਖਿਆ ਗਿਆ ਹੈ। ਜਸਟਿਸ ਕੇ.ਐੱਮ.ਜੋਜ਼ਫ਼ ਤੇ ਜਸਟਿਸ ਰਿਸ਼ੀਕੇਸ਼ ਰੌਏ ਆਧਾਰਿਤ ਬੈਂਚ ਨੇ ਐੱਨਆਈਏ ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕੇਸ ਦੀ ਅਗਲੀ ਸੁਣਵਾਈ 29 ਸਤੰਬਰ ਲਈ ਨਿਰਧਾਰਿਤ ਕਰ ਦਿੱਤੀ ਹੈ। -ਪੀਟੀਆਈ