ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਉਹ ਅਪੀਲ ਵਿਚਾਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਕੋਵਿਡ-19 ਮਹਾਮਾਰੀ ਦੌਰਾਨ ਸਸਕਾਰ ਤੋਂ ਇਲਾਵਾ ਐਂਬੂਲੈਂਸ ਸੇਵਾਵਾਂ ਲਈ ਕਥਿਤ ਤੌਰ ’ਤੇ ਵੱਧ ਰਕਮ ਵਸੂਲੇ ਜਾਣ ਦਾ ਮੁੱਦਾ ਚੁੱਕਿਆ ਗਿਆ ਸੀ। ਅਪੀਲ ’ਚ ਮੰਗ ਕੀਤੀ ਗਈ ਸੀ ਕਿ ਮ੍ਰਿਤਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਇੱਕ ਨੀਤੀ ਬਣਾਉਣ ’ਤੇ ਵਿਚਾਰ ਕਰਨ ਲਈ ਕੇਂਦਰ ਨੂੰ ਨਿਰਦੇਸ਼ ਦਿੱਤੇ ਜਾਣ। ਜਸਟਿਸ ਐੱਲ ਨਾਗੇਸ਼ਵਰ ਰਾਓ ਤੇ ਜਸਟਿਸ ਹੇਮੰਤ ਗੁਪਤਾ ਦੇ ਬੈਂਚ ਨੇ ਕਿਹਾ ਕਿ ਅਪੀਲਕਰਤਾ ਨੇ ਆਪਣੀ ਅਪੀਲ ’ਚ ਇਸ ਮੁੱਦੇ ’ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੀਆਂ ਸਿਫਾਰਸ਼ਾਂ ਬਾਰੇ ਜ਼ਿਕਰ ਕੀਤਾ ਹੈ। ਬੈਂਚ ਨੇ ਕਿਹਾ ਅਪੀਲਕਰਤਾ ਐੱਨਐੱਚਆਰਸੀ ਨਾਲ ਸੰਪਰਕ ਕਰ ਸਕਦਾ ਹੈ। -ਪੀਟੀਆਈ