ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਨਵੀਂ ਦਿੱਲੀ, 24 ਨਵੰਬਰ
ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਨ ਸਵਾਮੀ ਅੱਜ ਬਾਅਦ ਦੁਪਹਿਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮਿਲੇ। ਇਸ ਮੀਟਿੰਗ ਬਾਰੇ ਸਿਆਸੀ ਹਲਕਿਆਂ ਵਿੱਚ ਕਾਫੀ ਕਿਆਸ ਲਗਾਏ ਜਾ ਰਹੇ ਹਨ। ਇਨ੍ਹਾਂ ਵਿਚੋਂ ਇਕ ਇਹ ਵੀ ਹੈ ਕਿ ਸਵਾਮੀ ਟੀਐੱਮਸੀ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲ ਹੀ ਵਿੱਚ ਜਦੋਂ ਕੇਂਦਰ ਸਰਕਾਰ ਨੇ ਬੈਨਰਜੀ ਨੂੰ ਵਿਸ਼ਵ ਸ਼ਾਂਤੀ ਬੈਠਕ ਵਿੱਚ ਸ਼ਾਮਲ ਹੋਣ ਲਈ ਰੋਮ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤਾਂ ਸਵਾਮੀ ਨੇ ਉਨ੍ਹਾਂ ਦਾ ਪੱਖ ਲਿਆ। ਸਵਾਮੀ, ਜਿਨ੍ਹਾਂ ਦੀ ਰਾਜ ਸਭਾ ਦੀ ਮਿਆਦ ਆਉਣ ਵਾਲੇ ਅਪਰੈਲ ‘ਚ ਖਤਮ ਹੋ ਰਹੀ ਹੈ, ਨੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਮਮਤਾ ਨੂੰ ਰੋਮ ਜਾਣ ਤੋਂ ਕਿਉਂ ਰੋਕਿਆ ਗਿਆ। ਉਨ੍ਹਾਂ ਨੇ ਟਵੀਟ ਕੀਤਾ ਸੀ, ‘ਬੰਗਾਲ ਦੀ ਮੁੱਖ ਮੰਤਰੀ ਮਮਤਾ ਨੂੰ ਗ੍ਰਹਿ ਮੰਤਰਾਲੇ ਨੇ ਰੋਮ ‘ਚ ਅੰਤਰਰਾਸ਼ਟਰੀ ਸੰਮੇਲਨ ‘ਚ ਸ਼ਾਮਲ ਹੋਣ ਤੋਂ ਕਿਉਂ ਰੋਕਿਆ? ਕਿਸ ਕਾਨੂੰਨ ਤਹਿਤ ਉਨ੍ਹਾਂ ਨੂੰ ਤੋਂ ਰੋਕਿਆ?’