ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਜੂਨ
ਰਾਜਧਾਨੀ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਅੰਦੋਲਨ ਨੂੰ ਭਲਕੇ 200 ਦਿਨ ਪੂਰੇ ਹੋ ਜਾਣਗੇ। ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਉਂਜ ਕਿਸਾਨਾਂ ਦਾ ਸੰਘਰਸ਼ 200 ਦਿਨਾਂ ਤੋਂ ਵੀ ਲੰਬਾ ਹੈ ਪਰ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹੱਡ-ਚੀਰਵੀਂ ਸਰਦੀ, ਤੂਫਾਨ, ਸਖ਼ਤ ਗਰਮੀ ਅਤੇ ਹੁਣ ਮੀਂਹ ਦੌਰਾਨ ਕਿਸਾਨਾਂ ਨੇ ਕਈ ਔਕੜਾਂ ਝੱਲੀਆਂ ਹਨ, ਪਰ ਕਿਸਾਨਾਂ ਦੇ ਹੌਸਲੇ ਲਗਾਤਾਰ ਬੁਲੰਦ ਹਨ। ਇਕ ਹੋਰ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀਆਂ ਤਿਆਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ 26 ਜੂਨ ਨੂੰ ‘ਕਿਸਾਨ ਬਚਾਓ-ਲੋਕਤੰਤਰ ਬਚਾਓ’ ਦਿਵਸ ਵਜੋਂ ਐਲਾਨਿਆ ਗਿਆ ਹੈ। ਨਿਰਵੈਰ ਸਿੰਘ ਨੇ ਦੱਸਿਆ ਕਿ 26 ਜੂਨ ਨੂੰ ਪ੍ਰਸਿੱਧ ਕਿਸਾਨ ਆਗੂ ਸਵਾਮੀ ਸਹਿਜਾਨੰਦ ਸਰਸਵਤੀ ਦੀ ਵੀ ਬਰਸੀ ਹੈ। ਉਸੇ ਦਿਨ ਪੂਰੇ ਭਾਰਤ ਵਿਚ ਵਿਰੋਧ ਪ੍ਰਦਰਸ਼ਨਾਂ ਤੋਂ ਇਲਾਵਾ ਵੱਖ-ਵੱਖ ਰਾਜਾਂ ਵਿਚ ਰਾਜ ਭਵਨਾਂ ਸਾਹਮਣੇ ਧਰਨੇ ਦਿੱਤੇ ਜਾਣਗੇ। ਸੰਯੁਕਤ ਕਿਸਾਨ ਮੋਰਚੇ ਨੇ ਭਾਰਤ ਦੇ ਸਾਰੇ ਅਗਾਂਹਵਧੂ ਲੋਕਾਂ ਨੂੰ ਇਨ੍ਹਾਂ ਪ੍ਰਦਰਸ਼ਨਾਂ ’ਚ ਸ਼ਮੂਲੀਅਤ ਦੀ ਅਪੀਲ ਕੀਤੀ ਹੈ। ਬਲਵਿੰਦਰ ਔਲਖ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਟਰੇਡ ਯੂਨੀਅਨਾਂ, ਵਪਾਰਕ ਐਸੋਸੀਏਸ਼ਨਾਂ, ਔਰਤਾਂ ਦੀਆਂ ਜਥੇਬੰਦੀਆਂ, ਮਜ਼ਦੂਰਾਂ, ਵਿਦਿਆਰਥੀ ਤੇ ਨੌਜਵਾਨ ਜਥੇਬੰਦੀਆਂ, ਮੁਲਾਜ਼ਮ ਜਥੇਬੰਦੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਵਿਰੋਧ ਪ੍ਰਦਰਸ਼ਨ ਵਿੱਚ ਡਟ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਬੀਕੇਯੂ (ਏਕਤਾ ਉਗਰਾਹਾਂ) ਦੇ ਟਵਿੱਟਰ ਅਕਾਊਂਟ ’ਤੇ ਲਾਈ ‘ਅਸਥਾਈ ਪਾਬੰਦੀ’ ਦੀ ਸਖ਼ਤ ਨਿਖੇਧੀ ਕੀਤੀ ਹੈ। ਮੋਰਚੇ ਨੇ ਹਰਿਆਣਾ ਸਰਕਾਰ ਨੂੰ ਜੀਂਦ ਦੇ ਪਿੰਡ ਕੰਡੇਲਾ ਤੋਂ ਲਾਪਤਾ ਹੋਏ ਕਿਸਾਨ ਬਿਜੇਂਦਰ ਸਿੰਘ ਨੂੰ ਲੱਭਣ ਦੀ ਮੰਗ ਕੀਤੀ ਹੈ ਜੋ 26 ਜਨਵਰੀ ਨੂੰ ਲਾਪਤਾ ਹੋ ਗਿਆ ਸੀ।