ਨਵੀਂ ਦਿੱਲੀ, 29 ਮਈ
ਭਾਰਤੀ ਥਲ ਸੈਨਾ ਮੁਖੀ ਜਨਰਲ ਐੱਮ ਐੱਮ ਨਰਵਾਣੇ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਜੰਮੂ ਕਸ਼ਮੀਰ ਵਿੱਚ ਕੰਟਰੋਲ ਰੇਖਾ (ਐੱਲਓਸੀ) ’ਤੇ ਭਾਰਤੀ ਅਤੇ ਪਾਕਿਸਤਾਨੀ ਫ਼ੌਜਾਂ ਵਿਚਾਲੇ ਜਾਰੀ ਗੋਲੀਬੰਦੀ ਸਮਝੌਤੇ ਨਾਲ ਸ਼ਾਂਤੀ ਅਤੇ ਸੁਰੱਖਿਆ ਦੇ ਨਜ਼ਰੀਏ ਨੂੰ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਆਮ ਬਣਾਉਣ ਦੀ ਦਿਸ਼ਾ ਵਿੱਚ ਲੰਮੇ ਸਫ਼ਰ ਦਾ ਇਹ ਪਹਿਲਾ ਕਦਮ ਹੈ।
ਜਨਰਲ ਨਰਵਾਣੇ ਨੇ ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲਾਂਕਿ ਗੋਲੀਬੰਦੀ ਦਾ ਅਰਥ ਇਹ ਨਹੀਂ ਕਿ ਭਾਰਤ ਦੀ ਅਤਿਵਾਦ ਖ਼ਿਲਾਫ਼ ਲੜਾਈ ਰੁਕ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਰੋਸਾ ਕਰਨ ਦਾ ਕੋਈ ਕਾਰਨ ਨਹੀਂ ਹੈ ਕਿ ਪਾਕਿਸਤਾਨੀ ਫ਼ੌਜ ਵੱਲੋਂ ਐੱਲਓਸੀ ’ਤੇ ਅਤਿਵਾਦੀ ਢਾਂਚੇ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਭਾਰਤੀ ਫ਼ੌਜ ਮੁਖੀ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਘੁਸਪੈਠ ਦੇ ਯਤਨਾਂ ਅਤੇ ਅਤਿਵਾਦੀ ਘਟਨਾਵਾਂ ਦੀ ਕਮੀ ਵਿੱਚ ਲਗਾਤਾਰਤਾ ਨਾਲ ਭਾਰਤ ਦੀ ਚੰਗੇ ਗੁਆਂਢੀ ਸਬੰਧਾਂ ਨੂੰ ਅੱਗੇ ਵਧਾਉਣ ਦੇ ਪਾਕਿਸਤਾਨ ਦੇ ਇਰਾਦੇ ’ਤੇ ਭਰੋਸੇਯੋਗਤਾ ਵਧੇਗੀ। ਜਨਰਲ ਨਰਵਾਣੇ ਨੇ ਕਿਹਾ ਕਿ ਗੋਲੀਬੰਦੀ ਸਮਝੌਤਾ ਪਾਲਣ ਕਰਨ ਨਾਲ ਖੇਤਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਦੇ ਨਜ਼ਰੀਏ ਵਿੱਚ ‘ਯਕੀਨੀ’ ਤੌਰ ’ਤੇ ਫ਼ਾਇਦਾ ਹੋਇਆ ਹੈ ਅਤੇ ਖੇਤਰ ਵਿੱਚ ਸ਼ਾਂਤੀ ਦੇ ਮਾਹੌਲ ਦੀਆਂ ਸੰਭਾਵਨਾਵਾਂ ਨੂੰ ਬਲ ਮਿਲਿਆ ਹੈ। ਭਾਰਤ ਅਤੇ ਪਾਕਿਸਤਾਨ ਫ਼ੌਜਾਂ ਨੇ ਸਰਹੱਦ ’ਤੇ ਤਣਾਅ ਘਟਾਉਣ ਲਈ 25 ਫਰਵਰੀ ਨੂੰ ਗੋਲੀਬੰਦੀ ਸਮਝੌਤਾ ਕੀਤਾ ਸੀ। ਅਫ਼ਗਾਨਿਸਤਾਨ ਤੋਂ 11 ਸਤੰਬਰ ਤੱਕ ਅਮਰੀਕੀ ਫ਼ੌਜਾਂ ਨੂੰ ਵਾਪਸ ਬੁਲਾਏ ਜਾਣ ਸਬੰਧੀ ਅਮਰੀਕੀ ਪ੍ਰਸ਼ਾਸਨ ਦੇ ਫ਼ੈਸਲੇ ਦਾ ਜ਼ਿਕਰ ਕਰਦਿਆਂ ਥਲ ਸੈਨਾ ਮੁਖੀ ਨੇ ਕਿਹਾ, ‘‘ਚਾਹੇ ਉਨ੍ਹਾਂ ਦੀ ਮਜਬੂਰੀ ਹੋਵੇ ਜਾਂ ਅਸਹਿਮਤੀ ਅਮਰੀਕਾ ਫ਼ੌਜਾਂ ਦੇ ਅਫ਼ਗਾਨਿਸਤਾਨ ਤੋਂ ਜਾਣ ਮਗਰੋਂ ਦੋਵੇਂ ਬਰਾਬਰ ਤੌਰ ’ਤੇ ਖ਼ਤਰਨਾਕ ਅਤੇ ਚਿੰਤਾਜਨਕ ਹਨ।’’ -ਪੀਟੀਆਈ