ਨਵੀਂ ਦਿੱਲੀ, 27 ਜਨਵਰੀ
ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਅੱਜ ਸਰਕਾਰ ਨੇ ਕਿਹਾ ਕਿ ਉਨ੍ਹਾਂ ਨਹੀਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਹੋ ਗਏ ਹਨ। ਉਨ੍ਹਾਂ ਨਾਲ ਹੀ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨਵੇਂ ਸਿਰੇ ਤੋਂ ਗੱਲਬਾਤ ਸਬੰਧੀ ਫ਼ੈਸਲਾ ਹੋਣ ’ਤੇ ਸੂਚਿਤ ਕਰ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ’ਚ ਕਿਹਾ, ‘‘ਅਸੀਂ ਕਦੇ ਨਹੀਂ ਕਿਹਾ ਕਿ ਗੱਲਬਾਤ ਲਈ ਦਰਵਾਜ਼ੇ ਬੰਦ ਹੋ ਗਏ ਹਨ। ਕੀ ਤੁਸੀਂ ਸੁਣਿਆ ਹੈ। ਜਦੋਂ ਵੀ ਗੱਲਬਾਤ ਹੁੰਦੀ ਹੈ ਅਸੀਂ ਤੁਹਾਨੂੰ ਜਾਣੂ ਕਰਵਾ ਦੇਵਾਂਗੇ।’’ ਲੰਘੇ ਸ਼ੁੱਕਰਵਾਰ ਨੂੰ ਹੋਈ 11ਵੇਂ ਗੇੜ ਦੀ ਗੱਲਬਾਤ ਦੌਰਾਨ ਸਰਕਾਰ ਨੇ ਕਿਸਾਨਾਂ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਰੋਕਣ ਸਬੰਧੀ ਪ੍ਰਸਤਾਵ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ ਪਰ ਕਿਸਾਨਾਂ ਨੇ ਪ੍ਰਸਤਾਵ ਨੂੰ ਨਾਮਨਜ਼ੂਰ ਕਰ ਦਿੱਤਾ ਸੀ। ਸ੍ਰੀ ਜਾਵੜੇਕਰ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਸਬੰਧੀ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਸ ਬਾਰੇ ਸਹੀ ਸਮੇਂ ’ਤੇ ਜਾਣਕਾਰੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, ‘‘ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ, ਜੇਕਰ ਕੋਈ ਵੀ ਬਦਲਾਅ ਹੁੰਦਾ ਹੈ ਤਾਂ ਅਸੀਂ ਤੁਹਾਨੂੰ ਜਾਣੂ ਕਰਵਾ ਦੇਵਾਂਗੇ।’’ ਇਹ ਪੁੱਛੇ ਜਾਣ ’ਤੇ ਕਿ ਕੀ ਮੰਤਰੀ ਮੰਡਲ ਦੀ ਮੀਟਿੰਗ ’ਚ ਕੱਲ੍ਹ ਹੋਈ ਹਿੰਸਾ ਸਬੰਧੀ ਚਰਚਾ ਹੋਈ ਸੀ, ਬਾਰੇ ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਸੁਰੱਖਿਆ ਕਮੇਟੀ ਨਾਲੋਂ ਵੱਖ ਹੈ।
-ਪੀਟੀਆਈ