ਅਹਿਮਦਾਬਾਦ, 29 ਅਕਤੂਬਰ
ਗੁਜਰਾਤ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਭਾਜਪਾ ਸਰਕਾਰ ਨੇ ਅੱਜ ਇਕਸਾਰ ਨਾਗਰਿਕਤਾ ਜ਼ਾਬਤਾ (ਯੂਸੀਸੀ) ਨੂੰ ਲਾਗੂ ਕਰਨ ਲਈ ਕਮੇਟੀ ਕਾਇਮ ਕਰਨ ਦਾ ਫੈਸਲਾ ਕੀਤਾ ਹੈ। ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਕਿਹਾ ਕਿ ਰਾਜ ਮੰਤਰੀ ਮੰਡਲ ਦੀ ਬੈਠਕ ਦੌਰਾਨ ਕਮੇਟੀ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਇਹ ਭੁਪੇਂਦਰ ਪਟੇਲ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੀ ਆਖਰੀ ਮੀਟਿੰਗ ਮੰਨੀ ਜਾ ਰਹੀ ਹੈ ਕਿਉਂਕਿ ਅਗਲੇ ਹਫਤੇ ਸੂਬੇ ਦੀਆਂ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਹੋਣ ਦੀ ਉਮੀਦ ਹੈ। ਕੇਂਦਰੀ ਮੰਤਰੀ ਪੁਰਸ਼ੋਤਮ ਰੁਪਾਲਾ ਨੇ ਕਿਹਾ, ‘ਕਮੇਟੀ ਦੀ ਅਗਵਾਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਕਰਨਗੇ ਅਤੇ ਇਸ ਦੇ ਤਿੰਨ ਤੋਂ ਚਾਰ ਮੈਂਬਰ ਹੋਣਗੇ।’ ਇਸ ਤੋਂ ਪਹਿਲਾਂ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੀਆਂ ਭਾਜਪਾ ਸਰਕਾਰਾਂ ਨੇ ਆਪੋ-ਆਪਣੇ ਸੂਬਿਆਂ ‘ਚ ਯੂਸੀਸੀ ਲਾਗੂ ਕਰਨ ਦਾ ਐਲਾਨ ਕੀਤਾ ਸੀ।