ਨਾਗਪੁਰ, 25 ਸਤੰਬਰ
ਕਾਰਕੁਨ ਤੇ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਅੱਜ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਭਾਰਤੀ ਚੋਣ ਕਮਿਸ਼ਨ ਦੀ ਨਿਰਪੱਖਤਾ ਸ਼ੱਕ ਦੇ ਘੇਰੇ ਵਿੱਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਦੇ ਵੱਡੇ ਆਗੂਆਂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੇ ਜਾਣ ’ਤੇ ਚੋਣ ਕਮਿਸ਼ਨ ਖ਼ਾਮੋਸ਼ ਰਹਿੰਦਾ ਹੈ, ਜਦੋਂਕਿ ਅਜਿਹੇ ਮਾਮਲਿਆਂ ਵਿੱਚ ਵਿਰੋਧੀ ਧਿਰਾਂ ਖ਼ਿਲਾਫ਼ ਤੇਜ਼ੀ ਨਾਲ ਕਾਰਵਾਈ ਕੀਤੀ ਜਾਂਦੀ ਹੈ। ਭੂਸ਼ਨ ਨੇ ਦੋਸ਼ ਲਾਇਆ ਕਿ ਨਿਆਂਪਾਲਿਕਾ ਦੀ ਆਜ਼ਾਦੀ ਵੀ ਖ਼ਤਰੇ ਵਿੱਚ ਹੈ। ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ ਨੂੰ ਦੇਸ਼ਧ੍ਰੋਹ ਤੇ ਹੋਰ ਸੰਗੀਨ ਕੇਸਾਂ ਵਿੱਚ ਫਸਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਕਈ ਕਈ ਸਾਲ ਜ਼ਮਾਨਤ ਵੀ ਨਹੀਂ ਦਿੱਤੀ ਜਾਂਦੀ। ਉਹ ਇੱਥੇ ਮਰਾਠੀ ਦੇ ਅਖ਼ਬਾਰ ‘ਦੇਸ਼ਉੱਨਤੀ’ ਵੱਲੋਂ ‘ਜਮਹੂਰੀਅਤ ਸਾਹਮਣੇ ਚੁਣੌਤੀਆਂ’ ਵਿਸ਼ੇ ’ਤੇ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। -ਪੀਟੀਆਈ