ਮੁੰਬਈ, 29 ਅਕਤੂਬਰ
ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਮਹਾਰਾਸ਼ਟਰ ਸਰਕਾਰ ਨੇ ਊਧਵ ਠਾਕਰੇ ਦੀ ਅਗਵਾਈ ਵਾਲੇ ਸ਼ਿਵ ਸੈਨਾ, ਐੱਨਸੀਪੀ ਅਤੇ ਕਾਂਗਰਸ ਦੇ ਮਹਾ ਵਿਕਾਸ ਅਗਾੜੀ (ਐਮਵੀਏ) ਗੱਠਜੋੜ ਦੇ 25 ਨੇਤਾਵਾਂ ਦੇ ‘ਸ਼੍ਰੇਣੀਬੱਧ’ ਸੁਰੱਖਿਆ ਕਵਰ ਨੂੰ ਹਟਾ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਇਨ੍ਹਾਂ ਨੇਤਾਵਾਂ ਦੇ ਘਰਾਂ ਦੇ ਬਾਹਰ ਸਥਾਈ ਪੁਲੀਸ ਸੁਰੱਖਿਆ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਦੇ ਨਾਲ ਹੋਵੇਗੀ। ਅਧਿਕਾਰੀ ਨੇ ਦੱਸਿਆ ਕਿ ਇਹ ਫੈਸਲਾ ਨੇਤਾਵਾਂ ਨੂੰ ਖ਼ਤਰਿਆਂ ਸਬੰਧੀ ਹਾਲਾਤ ਦਾ ਜਾਇਜ਼ਾ ਲੈਣ ਬਾਅਦ ਲਿਆ ਗਿਆ ਹੈ। ਸਰਕਾਰ ਨੇ ਜਿਨ੍ਹਾਂ ਤੋਂ ਸੁਰੱਖਿਆ ਖੋਹੀ ਹੈ, ਉਨ੍ਹਾਂ ਵਿੱਚ ਕਈ ਸਾਬਕਾ ਕੈਬਨਿਟ ਮੰਤਰੀ ਵੀ ਸ਼ਾਮਲ ਹਨ। ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਬਰਕਰਾਰ ਰੱਖਿਆ ਗਿਆ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਸ਼ਰਦ ਪਵਾਰ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ ਉਨ੍ਹਾਂ ਦੀ ਬੇਟੀ ਅਤੇ ਬਾਰਾਮਤੀ ਤੋਂ ਲੋਕ ਸਭਾ ਮੈਂਬਰ ਸੁਪ੍ਰੀਆ ਸੁਲੇ ਦੀ ਸੁਰੱਖਿਆ ਨੂੰ ਵੀ ਬਰਕਰਾਰ ਰੱਖਿਆ ਗਿਆ ਹੈ ਪਰ ਜੈਅੰਤ ਪਾਟਿਲ, ਛਗਨ ਭੁਜਬਲ ਤੇ ਜੇਲ੍ਹ ’ਚ ਬੰਦ ਸਾਬਕਾ ਮੰਤਰੀ ਤੋਂ ਸੁਰੱਖਿਆ ਵਾਪਸ ਲੈ ਲਈ ਹੈ।