ਨਵੀਂ ਦਿੱਲੀ, 16 ਮਈ
ਦਿੱਲੀ ਪੁਲੀਸ ਨੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਦੋਸ਼ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲੀਸ ਦੀ ਟੀਮ ਨੇ ਅੱਜ ਮਾਲੀਵਾਲ ਦੀ ਰਿਹਾਇਸ਼ ’ਤੇ ਜਾ ਕੇ ਬਿਆਨ ਦਰਜ ਕੀਤੇ। ਏਸੀਪੀ ਪੀ.ਐੱਸ.ਕੁਸ਼ਵਾਹਾ ਤੇ ਮਹਿਲਾ ਪੁਲੀਸ ਅਧਿਕਾਰੀ ਦੀ ਟੀਮ ਚਾਰ ਘੰਟੇ ਦੇ ਕਰੀਬ ਉਥੇ ਰੁਕੀ। ਉਧਰ ਕੌਮੀ ਮਹਿਲਾ ਕਮਿਸ਼ਨ (ਐੱਨਸੀਡਬਲਿਊ) ਨੇ ਮਾਲੀਵਾਲ ’ਤੇ ਹਮਲੇ ਨਾਲ ਸਬੰਧਤ ਖ਼ਬਰ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਦੇ ਨਿੱਜੀ ਸਕੱਤਰ (ਪੀਐੱਸ) ਵਿਭਵ ਕੁਮਾਰ ਨੂੰ ਤਲਬ ਕੀਤਾ ਹੈ ਅਤੇ ਉਸ ਨੂੰ ਨੂੰ ਸ਼ੁੱਕਰਵਾਰ ਸਵੇਰੇ 11 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।