ਹੈਦਰਾਬਾਦ, 12 ਦਸੰਬਰ
ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਅੱਜ ਸੱਦਾ ਦਿੱਤਾ ਕਿ ਕਲਾਸਿਕ ਸਾਹਿਤ ਦਾ ਵੱਖ-ਵੱਖ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਲਈ ਸਰਗਰਮ ਅਤੇ ਠੋਸ ਕਦਮ ਚੁੱਕੇ ਜਾਣ। ਇੱਕ ਅਧਿਕਾਰਿਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਨਾਇਡੂ ਨੇ ਭਾਰਤੀ ਸਾਹਿਤ ਦੀ ਅਮੀਰ ਵਿਰਾਸਤ ਨੂੰ ਲੋਕਾਂ ਤੱਕ ਉਨ੍ਹਾਂ ਦੀ ਮਾਂ-ਬੋਲੀ ਵਿੱਚ ਮੁਹੱਈਆ ਕਰਵਾਉਣ ਲਈ ਅਨੁਵਾਦ ਵਿੱਚ ਉੱਚ ਤਕਨੀਕ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ। ਨਾਇਡੂ ਨੇ ਸ੍ਰੀਕ੍ਰਿਸ਼ਨਦੇਵਰਯ ਵੱਲੋਂ ‘ਅਮੁਕਤਮਾਲਿਆਦਾ’ ਵਰਗੇ ਕਲਾਸਿਕ ਸਾਹਿਤ ਨੂੰ ਹੋਰ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਲਈ ਪੋਟੀ ਸ੍ਰੀਰਾਮੁਲੂ ਤੇਲਗੂ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਭਾਰਤ ਦੀਆਂ ਵੱਖ-ਵੱਖ ਭਾਸ਼ਾਵਾਂ ਨੂੰ ਬਚਾਉਣ ਅਤੇ ਉਤਸ਼ਾਹਿਤ ਕਰਨ ਲਈ ਯੂਨੀਵਰਿਸਟੀਆਂ ਨੂੰ ਇਸੇ ਤਰ੍ਹਾਂ ਦੀਆਂ ਕੋਸ਼ਿਸ਼ਾਂ ਦਾ ਸੱਦਾ ਦਿੱਤਾ। ਤੇਲਗੂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਵੱਖ-ਵੱਖ ਖੋਜ ਪਹਿਲਕਦਮੀਆਂ ਰਾਹੀਂ ਤੇਲਗੂ ਭਾਸ਼ਾ, ਸਾਹਿਤ ਅਤੇ ਇਤਿਹਾਸ ਨੂੰ ਸੰਭਾਲਣ ਲਈ ਯੂਨੀਵਰਸਿਟੀ ਵੱਲੋਂ ਨਿਭਾਈ ਜਾ ਰਹੀ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ। -ਪੀਟੀਆਈ