ਨਵੀਂ ਦਿੱਲੀ, 1 ਜੁਲਾਈ
ਜੇਲ੍ਹ ਵਿੱਚ ਨਜ਼ਰਬੰਦ ਕਸ਼ਮੀਰੀ ਆਗੂ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ (ਇੰਜਨੀਅਰ ਰਾਸ਼ਿਦ ਵਜੋਂ ਮਕਬੂਲ) ਦੇ ਪੰਜ ਜੁਲਾਈ ਨੂੰ ਸਹੁੰ ਚੁੱਕਣ ਦੀ ਸੰਭਾਵਨਾ ਹੈ ਕਿਉਂਕਿ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਇਸ ਬਾਰੇ ਵਿਸ਼ੇਸ਼ ਅਦਾਲਤ ਸਾਹਮਣੇ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਮਾਮਲੇ ਬਾਰੇ ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ 2 ਜੁਲਾਈ ਨੂੰ ਫੈਸਲਾ ਸੁਣਾਉਣਗੇ।ਐਨਆਈਏ ਦੇ ਵਕੀਲ ਨੇ ਕਿਹਾ ਕਿ ਰਾਸ਼ਿਦ ਕੁਝ ਸ਼ਰਤਾਂ ਦੀ ਪਾਲਣਾ ਕਰ ਕੇ ਸਹੁੰ ਚੁੱਕ ਸਕਦਾ ਹੈ ਜਿਵੇਂ ਉਹ ਇਸ ਬਾਰੇ ਮੀਡੀਆ ਨਾਲ ਗੱਲ ਨਾ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਿਦ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ ਤੇ ਉਸ ਨੂੰ ਇੱਕ ਦਿਨ ਅੰਦਰ ਜੇਲ੍ਹ ਵਿਚੋਂ ਬਾਹਰ ਆ ਕੇ ਸਹੁੰ ਚੁੱਕਣ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਕਰਨੀ ਚਾਹੀਦੀ ਹੈ। ਰਾਸ਼ਿਦ ਬਾਰਾਮੂਲਾ ਤੋਂ ਆਜ਼ਾਦ ਸੰਸਦ ਮੈਂਬਰ ਹੈ ਜਿਸ ਨੂੰ 2017 ਦੇ ਜੰਮੂ ਅਤੇ ਕਸ਼ਮੀਰ ਦੇ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੀਟੀਆਈ