ਸਤਿਆ ਪ੍ਰਕਾਸ਼
ਨਵੀਂ ਦਿੱਲੀ, 6 ਜੁਲਾਈ
ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕੌਲਿਜੀਅਮ ਨੇ ਬੰਬੇ, ਗੁਜਰਾਤ, ਤਿਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ, ਉੜੀਸਾ ਅਤੇ ਮਨੀਪੁਰ ਦੀਆਂ ਹਾਈ ਕੋਰਟਾਂ ਲਈ ਚੀਫ਼ ਜਸਟਿਸਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ। ਸੁਪਰੀਮ ਕੋਰਟ ਨੇ ਦੇਰ ਰਾਤ ਆਪਣੀ ਵੈੱਬਸਾਈਟ ‘ਤੇ ਐਲਾਨ ਕੀਤਾ ਕਿ ਇਹ ਫੈਸਲਾ ਤਿੰਨ ਮੈਂਬਰੀ ਕੌਲਿਜੀਅਮ, ਜਿਸ ਵਿੱਚ ਜਸਟਿਸ ਸੰਜੈ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ ਵੀ ਸ਼ਾਮਲ ਹਨ, ਨੇ 5 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਲਿਆ ਸੀ। ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਸੁਨੀਤਾ ਅਗਰਵਾਲ ਨੂੰ ਕ੍ਰਮਵਾਰ ਬੰਬੇ ਹਾਈ ਕੋਰਟ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਬੰਬੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਹਾਲ ਹੀ ਵਿੱਚ ਜਸਟਿਸ ਰਮੇਸ਼ ਡੀ. ਧਨੁਕਾ ਦੇ ਸੇਵਾਮੁਕਤ ਹੋਣ ਕਾਰਨ ਖਾਲੀ ਸੀ। ਇਸੇ ਤਰ੍ਹਾਂ ਗੁਜਰਾਤ ਹਾਈ ਕੋਰਟ ਦੀ ਚੀਫ ਜਸਟਿਸ ਸੋਨੀਆ ਜੀ. ਗੋਕਾਨੀ ਵੀ ਕੁਝ ਸਮਾਂ ਪਹਿਲਾਂ ਸੇਵਾਮੁਕਤ ਹੋ ਗਏ ਸਨ। ਕਰਨਾਟਕ ਹਾਈ ਕੋਰਟ ਦੇ ਜਸਟਿਸ ਆਲੋਕ ਅਰਾਧੇ ਨੂੰ ਤਿਲੰਗਾਨਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦੋਂ ਕਿ ਬੰਬੇ ਹਾਈ ਕੋਰਟ ਦੇ ਜਸਟਿਸ ਧੀਰਜ ਸਿੰਘ ਠਾਕੁਰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਲਈ ਸਿਫ਼ਾਰਿਸ਼ ਕੀਤੀ ਗਈ ਹੈ। ਕੇਰਲ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਲਈ ਗੁਜਰਾਤ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਆਸ਼ੀਸ਼ ਜੇ. ਦੇਸਾਈ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦੋਂ ਕਿ ਉੜੀਸਾ ਹਾਈ ਕੋਰਟ ਦੇ ਜਸਟਿਸ ਸੁਭਾਸ਼ ਤਲਪਾਤਰਾ ਨੂੰ ਉੜੀਸਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਦਿੱਲੀ ਹਾਈ ਕੋਰਟ ਦੇ ਜਸਟਿਸ ਸਿਧਾਰਥ ਮ੍ਰਿਦੁਲ ਦੀ ਮਨੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਗਈ ਹੈ।