ਨਵੀਂ ਦਿੱਲੀ, 14 ਦਸੰਬਰ
ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਕਾਲਾ ਧਨ ਸਫ਼ੇਦ ਕਰਨ (ਮਨੀ ਲਾਂਡਰਿੰਗ) ਦੇ ਕੇਸ ’ਚ ਦਿੱਤੀ ਅੰਤਰਿਮ ਜ਼ਮਾਨਤ 8 ਜਨਵਰੀ ਤੱਕ ਵਧਾ ਦਿੱਤੀ ਹੈ। ਜੈਨ ਨੇ ਅਪੀਲ ’ਚ ਦਿੱਲੀ ਉੱਚ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕੀਤੇ ਜਾਣ ਦੇ 6 ਅਪਰੈਲ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਇਸ ਕੇਸ ਦੀ ਜਾਂਚ ਈਡੀ ਵੱਲੋਂ ਕੀਤੀ ਜਾ ਰਹੀ ਹੈ।
ਜਸਟਿਸ ਐੱਮ. ਬੇਲਾ ਚਤੁਰਵੇਦੀ ਅਤੇ ਜਸਟਿਸ ਐੱਸ.ਸੀ. ਸ਼ਰਮਾ ਦੇ ਬੈਂਚ ਨੇ ਜੈਨ ਦੇ ਪੈਰ ਵਿੱਚ 9 ਦਸੰਬਰ ਨੂੰ ਫਰੈਕਚਰ ਹੋਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਰਾਹਤ ਦੇ ਦਿੱਤੀ। ਬੈਂਚ ਨੇ ਆਖਿਆ, ‘‘ਕੇਸ ਸਬੰਧੀ ਕੋਈ ਵੀ ਰਾਇ ਪ੍ਰਗਟਾਏ ਬਿਨਾਂ ਅਸੀਂ ਅੰਤਰਿਮ ਹੁਕਮ ’ਚ ਵਾਧਾ ਕਰਨਾ ਚਾਹੁੰਦੇ ਹਾਂ।’’ ਵਧੀਕ ਸੌਲੀਸਿਟਰ ਜਨਰਲ ਐੱਸ.ਵੀ. ਰਾਜੂ ਨੇ ਅਪੀਲ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਉਹ (ਜੈਨ) ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਇਸ ਸਾਲ 26 ਮਈ ਨੂੰ ਦਿੱਲੀ ਦੇ ਸਾਬਕਾ ਮੰਤਰੀ ਨੂੰ ਛੇ ਹਫ਼ਤਿਆ ਦੀ ਅੰਤਰਿਮ ਰਾਹਤ ਦਿੱਤੀ ਸੀ ਅਤੇ ਇਸ ਨੂੰ ਸਮੇਂ-ਸਮੇਂ ’ਤੇ ਵਧਾਇਆ ਜਾ ਰਿਹਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਪ’ ਨੇਤਾ ਜੈਨ ਨੂੰ ਕਥਿਤ ਤੌਰ ’ਤੇ ਉਨ੍ਹਾਂ ਨਾਲ ਸਬੰਧਤ ਚਾਰ ਕੰਪਨੀਆਂ ਰਾਹੀਂ ਕਾਲੇ ਧਨ ਨੂੰ ਸਫ਼ੇਦ ਕਰਨ ਦੇ ਦੋਸ਼ ਹੇਠ ਪਿਛਲੇ ਸਾਲ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ