ਸ੍ਰੀਨਗਰ: ਜੰਮੂਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਅੱਜ ਤੜਕੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਲਸ਼ਕਰ-ਏ-ਤਇਬਾ ਦੇ ਸਿਖਰਲੇ ਕਮਾਂਡਰ ਯੂਸਫ਼ ਕਾਂਤਰੂ ਸਮੇਤ ਤਿੰਨ ਅਤਿਵਾਦੀ ਮਾਰੇ ਗਏ। ਪੁਲੀਸ ਨੇ ਦੱਸਿਆ ਕਿ ਸ਼ੁਰੂਆਤੀ ਮੁਕਾਬਲੇ ’ਚ ਫੌਜ ਦੇ ਤਿੰਨ ਜਵਾਨ ਵੀ ਜ਼ਖ਼ਮੀ ਹੋਏ ਹਨ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉੱਤਰੀ ਕਸ਼ਮੀਰ ’ਚ ਬਾਰਾਮੂਲਾ ਦੇ ਮਾਲਵਾਹ ਇਲਾਕੇ ’ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ’ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਉੱਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਦੇ ਸੁਰੱਖਿਆ ਬਲਾਂ ’ਤੇ ਗੋਲੀ ਚਲਾਉਣ ਤੋਂ ਬਾਅਦ ਇਹ ਮੁਹਿੰਮ ਮੁਕਾਬਲੇ ’ਚ ਤਬਦੀਲ ਹੋ ਗਈ। ਸੁਰੱਖਿਆ ਬਲਾਂ ਨੇ ਵੀ ਅਤਿਵਾਦੀਆਂ ਦੀ ਗੋਲੀਬਾਰੀ ਦਾ ਢੁੱਕਵਾਂ ਜਵਾਬ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ’ਚ ਤਿੰਨ ਅਤਿਵਾਦੀ ਮਾਰੇ ਗਏ। ਕਸ਼ਮੀਰ ਪੁਲੀਸ ਦੇ ਆਈਜੀ ਵਿਜੈ ਕੁਮਾਰ ਨੇ ਕਿਹਾ ਕਿ ਲਸ਼ਕਰ ਦਾ ਸਿਖਰਲਾ ਕਮਾਂਡਰ ਯੂਸੁਫ਼ ਕਾਂਤਰੂ ਮੁਕਾਬਲੇ ’ਚ ਮਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਂਤਰੂ ਕਈ ਆਮ ਨਾਗਰਿਕਾਂ ਤੇ ਸੁਰੱਖਿਆ ਕਰਮੀਆਂ ਦੀ ਹੱਤਿਆ ’ਚ ਸ਼ਾਮਲ ਸੀ। ਪੁਲੀਸ ਨੇ ਦੱਸਿਆ ਕਿ ਮੌਕੇ ਤੋਂ ਵੱਡੀ ਮਾਤਰਾ ’ਚ ਹਥਿਆਰ ਤੇ ਗੋਲਾ-ਬਾਰੂਦ ਵੀ ਬਰਾਮਦ ਹੋਇਆ ਹੈ। -ਪੀਟੀਆਈ