ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਪੰਜਾਬ ਦੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਆਪਣਾ ਰੋਸ ਪ੍ਰਦਰਸ਼ਨ ਖ਼ਤਮ ਕਰ ਦੇਣ ਤੇ ਸਰਕਾਰ ਨਾਲ ਗੱਲਬਾਤ ਲਈ ਅੱਗੇ ਆਉਣ ਤਾਂ ਕਿ ਤਿੰਨਾਂ ਖੇਤੀ ਕਾਨੂੰਨਾਂ ’ਤੇ ਬਣੇ ਜਮੂਦ ਨੂੰ ਤੋੜਿਆ ਜਾ ਸਕੇ। 40 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦੀ ਅਗਵਾਈ ਕਰ ਰਹੇ ਤੋਮਰ ਨੇ ਆਸ ਜਤਾਈ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਮਹੱਤਵ ਸਮਝਣਗੇ ਤੇ ਸਰਕਾਰ ਨਾਲ ਵਿਚਾਰ-ਚਰਚਾ ਕਰ ਕੇ ਖੜ੍ਹੋਤ ਤੋੜਨ ਲਈ ਕੋਈ ਹੱਲ ਕੱਢਣਗੇ। ਜ਼ਿਕਰਯੋਗ ਹੈ ਕਿ ਸਰਕਾਰ ਕਿਸਾਨਾਂ ਨੂੰ ਅਗਲੇ ਗੇੜ ਦੀ ਗੱਲਬਾਤ ਲਈ ਦੋ ਵਾਰ ਪੱਤਰ ਲਿਖ ਚੁੱਕੀ ਹੈ ਤੇ ਉਨ੍ਹਾਂ ਦੀ ਸਹੂਲਤ ਮੁਤਾਬਕ ਮੁਲਾਕਾਤ ਲਈ ਤਰੀਕ ਤੈਅ ਕਰਨ ਲਈ ਵੀ ਕਿਹਾ ਹੈ। ਤੋਮਰ ਤੋਂ ਇਲਾਵਾ ਕੇਂਦਰੀ ਮੰਤਰੀ ਪਿਊਸ਼ ਗੋਇਲ ਤੇ ਸੋਮ ਪ੍ਰਕਾਸ਼ ਵੀ ਕਿਸਾਨ ਜਥੇਬੰਦੀਆਂ ਨਾਲ ਚੱਲ ਰਹੀ ਗੱਲਬਾਤ ਦਾ ਹਿੱਸਾ ਬਣੇ ਹਨ।
-ਪੀਟੀਆਈ