ਨਵੀਂ ਦਿੱਲੀ: ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਬੁੱਧਵਾਰ ਨੂੰ ਅਪਨਾ ਦਲ ਅਤੇ ਨਿਸ਼ਾਦ ਪਾਰਟੀ ਨਾਲ ਗੱਠਜੋੜ ਦਾ ਐਲਾਨ ਕੀਤਾ ਹੈ। ਇਹ ਪਾਰਟੀਆਂ ਪ੍ਰਮੁੱਖ ਤੌਰ ‘ਤੇ ਪੱਛੜੀਆਂ ਜਾਤਾਂ ਦੇ ਵਰਗਾਂ ਤੋਂ ਸਮਰਥਨ ਪ੍ਰਾਪਤ ਕਰਦੀਆਂ ਹਨ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਬਾਰੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਨੱਢਾ ਨੇ ਕਿਹਾ ਕਿ ਰਾਜ ਵਿੱਚ ਰਾਸ਼ਟਰੀ ਜਮਹੂਰੀ ਗੱਠਜੋੜ ਦੇ ਤਿੰਨ ਭਾਈਵਾਲ 403 ਮੈਂਬਰੀ ਵਿਧਾਨ ਸਭਾ ਦੀਆਂ ਚੋਣਾਂ ਇਕੱਠੇ ਲੜਨਗੇ। ਉਨ੍ਹਾਂ ਇਸ ਮੌਕੇ ਕਾਨੂੰਨ ਵਿਵਸਥਾ ਦੀ ਬਹਾਲੀ ਸਮੇਤ ਕਈ ਮੁੱਦਿਆਂ ‘ਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਭਾਜਪਾ ਦੇ ਦੋਵੇਂ ਸਹਿਯੋਗੀਆਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਐਨਡੀਏ ਦੁਬਾਰਾ ਸਰਕਾਰ ਬਣਾਏਗੀ। ਆਗੂਆਂ ਨੇ ਕਿਹਾ ਕਿ ਹਰੇਕ ਪਾਰਟੀ ਕਿੰਨੀਆਂ ਸੀਟਾਂ ’ਤੇ ਚੋਣ ਲੜੇਗੀ, ਇਸ ਬਾਰੇ ਵੇਰਵੇ ਬਾਅਦ ਵਿੱਚ ਐਲਾਨੇ ਜਾਣਗੇ। ਨੱਢਾ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਉੱਤਰ ਪ੍ਰਦੇਸ਼ ਵਿੱਚ ਮਾਫੀਆ ਗੱਠਜੋੜ ਸਰਗਰਮ ਸੀ ਪਰ ਯੋਗੀ ਆਦਿਤਿਆਨਾਥ ਦੀ ਸਰਕਾਰ ਨੇ ਰਾਜ ਵਿੱਚ ਕਾਨੂੰਨ ਦਾ ਰਾਜ ਬਹਾਲ ਕੀਤਾ ਹੈ। -ਪੀਟੀਆਈ