ਸੰਤ ਕਬੀਰ ਨਗਰ (ਉੱਤਰ ਪ੍ਰਦੇਸ਼), 25 ਜੁਲਾਈ
ਇੱਥੋਂ ਦੇ ਇਕ ਪਿੰਡ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਇਕ ਆਗੂ ਦਾ ਕਤਲ ਹੋਣ ਦੀ ਸੂਚਨਾ ਮਿਲਣ ’ਤੇ ਪੁਲੀਸ ਨੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਬਖੀਰ ਦੇ ਮੁਖੀ ਮਨੋਜ ਕੁਮਾਰ ਨੇ ਦੱਸਿਆ ਕਿ ਸ਼ਨਿਚਰਵਾਰ ਰਾਤ ਨੂੰ ਪਿੰਡ ਬੌਰਵਿਆਸ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਸੰਤ ਕਬੀਰ ਨਗਰ ਦੇ ਸਾਬਕਾ ਮੀਤ ਪ੍ਰਧਾਨ ਲਕਸ਼ਮਣ ਪਾਂਡੇ (50) ਦੀ ਲਾਸ਼ ਮਿਲੀ ਸੀ। ਉਸ ਦੇ ਸਿਰ ਅਤੇ ਧੌਣ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਏਐੱਸਪੀ ਸੰਤੋਸ਼ ਕੁਮਾਰ ਨੇ ਕਿਹਾ ਕਿ ਪਿੰਡ ਵਿਚ ਪੁਲੀਸ ਤਾਇਨਾਤ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ। ਇਸ ਤੋਂ ਪਹਿਲਾਂ ਬੀਕੇਯੂ ਦੇ ਵਰਕਰਾਂ ਨੇ ਦਿਨ ਵਿਚ ਇਕ ਪ੍ਰਦਰਸ਼ਨ ਕਰਦਿਆਂ ਸੜਕ ਜਾਮ ਕੀਤੀ ਸੀ। -ਪੀਟੀਆਈ