ਦੇਹਰਾਦੂਨ, 10 ਜੁਲਾਈ
ਮੋਹਲੇਧਾਰ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ ਉੱਤਰਾਖੰਡ ’ਚ ਬਦਰੀਨਾਥ ਕੌਮੀ ਮਾਰਗ ਸਮੇਤ ਹੋਰ ਕਈ ਸੜਕਾਂ ਬੰਦ ਹੋ ਗਈਆਂ ਹਨ। ਮੌਸਮ ਵਿਭਾਗ ਨੇ ਸੂਬੇ ਦੇ 11 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੋਇਆ ਹੈ। ਉੱਤਰਾਖੰਡ ਪੁਲੀਸ ਨੇ ਲੋਕਾਂ ਨੂੰ ਸਫ਼ਰ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਹਰਿਦੁਆਰ ’ਚ ਗੰਗਾ ਦਾ ਪੱਧਰ 292 ਮੀਟਰ ਦਰਜ ਕੀਤਾ ਗਿਆ ਜੋ ਖ਼ਤਰੇ ਦੇ ਨਿਸ਼ਾਨ ਤੋਂ ਦੋ ਮੀਟਰ ਹੇਠਾਂ ਹੈ। ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਪੱਧਰ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਡੀਜੀਪੀ ਅਸ਼ੋਕ ਕੁਮਾਰ ਨੇ ਟਵੀਟ ਕਰਕੇ ਕਿਹਾ ਕਿ ਮੋਹਲੇਧਾਰ ਮੀਂਹ ਕਾਰਨ ਢਿੱਗਾਂ ਡਿੱਗਣ ਦੀ ਸੰਭਾਵਨਾ ਹੈ ਅਤੇ ਲੋਕ ਬਹੁਤ ਜ਼ਰੂਰੀ ਹੋਣ ’ਤੇ ਹੀ ਘਰਾਂ ਤੋਂ ਬਾਹਰ ਨਿਕਲਣ। ਉਨ੍ਹਾਂ ਸਹਾਇਤਾ ਲਈ ਨੰਬਰ 112 ਜਾਰੀ ਕੀਤਾ ਹੈ। ਉਧਰ ਦੇਹਰਾਦੂਨ, ਨੈਨੀਤਾਲ, ਉੱਤਰਕਾਸ਼ੀ, ਪੌੜੀ, ਊਧਮ ਸਿੰਘ ਨਗਰ ਤੇ ਅਲਮੋੜਾ ਜ਼ਿਲ੍ਹਿਆਂ ’ਚ ਸਕੂਲ ਬੰਦ ਰਹੇ ਜਦਕਿ ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਸਾਰੇ ਸਕੂਲਾਂ ’ਚ ਛੁੱਟੀ ਦਾ ਐਲਾਨ ਕੀਤਾ ਹੈ। -ਪੀਟੀਆਈ