ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 28 ਦਸੰਬਰ
ਦਿੱਲੀ ਬਾਰਡਰਾਂ ’ਤੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ ਉੱਤਰਾਖੰਡ ਸਰਕਾਰ ਨੂੰ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਕਿਸੇ ਵੀ ਕਿਸਮ ਦੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਨਜੀਤ ਸਿੰਘ ਰਾਏ, ਕੁਲਦੀਪ ਸਿੰਘ ਵਜੀਦਪੁਰ ਅਤੇ ਗੁਰਪਾਲ ਸਿੰਘ ਨੇ ਗਾਜ਼ੀਪੁਰ ’ਚ ਧਰਨਾ ਦੇ ਰਹੇ ਉੱਤਰਾਖੰਡ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਪੁਲੀਸ ਵੱਲੋਂ ਇਨ੍ਹਾਂ ਖ਼ਿਲਾਫ਼ ਦਰਜ ਕੇਸ ਬਾਰੇ ਜਾਣਕਾਰੀ ਲਈ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਊਧਮ ਸਿੰਘ ਨਗਰ ਦੀ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਝੂਠਾ ਤੇ ਮਨਘੜਤ ਕੇਸ ਦਰਜ ਕੀਤਾ ਹੈ ਜਦਕਿ ਉਹ ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਆ ਰਹੇ ਸਨ। ਕਿਸਾਨਾਂ ਨੇ ਦੱਸਿਆ ਕਿ ਮੋਰਚੇ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੀ 6 ਹਜ਼ਾਰ ਏਕੜ ਉਪਜਾਊ ਜ਼ਮੀਨ ਨੂੰ ਫਰਦ ਵਾਲੇ ਖਾਤਿਆਂ ਵਿੱਚ ਜੋੜ ਕੇ ਵੇਚਣ ਤੋਂ ਰੋਕ ਦਿੱਤਾ ਗਿਆ ਹੈ ਤੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜਿਉਂ ਹੀ ਕਿਸਾਨ ਇਹ ਐਲਾਨ ਕਰਨਗੇ ਕਿ ਉਨ੍ਹਾਂ ਦਾ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ ਤਾਂ ਜ਼ਮੀਨ ਇਸ ਖਾਤੇ ਵਿੱਚੋਂ ਕੱਢ ਦਿੱਤੀ ਜਾਵੇਗੀ। ਸੰਯੁਕਤ ਮੋਰਚੇ ਦੇ ਮੈਂਬਰਾਂ ਨੇ ਦੱਸਿਆ ਕਿ ਮੋਰਚੇ ਦੀ ਮੀਟਿੰਗ ਵਿੱਚ ਇਹ ਮਸਲਾ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਰਚੇ ਨੇ ਉੱਤਰਾਖੰਡ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਕਿਸਾਨਾਂ ਦੇ ਘਰਾਂ ’ਤੇ ਛਾਪੇ ਮਾਰਨੇ ਤੁਰੰਤ ਬੰਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਇਸ ਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਰਚਾ ਹਰ ਹਾਲਤ ਵਿੱਚ ਕਿਸਾਨਾਂ ਨਾਲ ਖੜ੍ਹਾ ਹੈ ਤੇ ਉਨ੍ਹਾਂ ’ਤੇ ਦਰਜ ਕੀਤੇ ਗਏ ਕੇਸ ਨਾਜਾਇਜ਼ ਹਨ।
ਸਿਰਸਾ ਵੱਲੋਂ ਪੁਲੀਸ ਹੈੱਡਕੁਆਰਟਰ ਦੇ ਘਿਰਾਓ ਦੀ ਚਿਤਾਵਨੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜੇਕਰ ਉੱਤਰਾਖੰਡ ਪੁਲੀਸ ਨੇ ਮੁੜ ਗਾਜ਼ੀਪੁਰ, ਕੁੰਡਲੀ ਜਾਂ ਹੋਰ ਮੋਰਚਿਆਂ ’ਤੇ ਕਿਸਾਨਾਂ ਨੂੰ ਆਉਣ ਤੋਂ ਰੋਕਿਆ ਤਾਂ ਪੁਲੀਸ ਹੈੱਡਕੁਆਰਟਰ ਦਾ ਘਿਰਾਓ ਕਰਨ ਤੋਂ ਇਲਾਵਾ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੁਲੀਸ ਨੂੰ ਕਿਸਾਨਾਂ ਦੇ ਘਰਾਂ ’ਚ ਛਾਪੇ ਮਾਰਨ ਤੋਂ ਰੋਕਿਆ ਜਾਵੇ।