ਨਵੀਂ ਦਿੱਲੀ: ਇਥੋਂ ਦੀ ਇਕ ਅਦਾਲਤ ਨੇ ਟੀਐਮਸੀ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜਿਰਾ ਬੈਨਰਜੀ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਪੱਛਮੀ ਬੰਗਾਲ ’ਚ ਕਥਿਤ ਕੋਲਾ ਘੁਟਾਲੇ ਨਾਲ ਸਬੰਧਤ ਕਾਲੇ ਧਨ ਨੂੰ ਸਫ਼ੈਦ ਬਣਾਉਣ ਦੇ ਮਾਮਲੇ ’ਚ ਜਾਂਚ ’ਚ ਸ਼ਾਮਲ ਹੋਣ ਤੋਂ ਇਨਕਾਰ ਕੀਤੇ ਜਾਣ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਸ਼ਿਕਾਇਤ ਦੇ ਸਬੰਧ ’ਚ ਇਹ ਵਾਰੰਟ ਜਾਰੀ ਹੋਏ ਹਨ। ਚੀਫ਼ ਮੈਟਰੋਪਾਲਿਟਨ ਮੈਜਿਸਟਰੇਟ ਸਨਿਗਧਾ ਸਰਵਰੀਆ ਨੇ ਈਡੀ ਦੀ ਅਰਜ਼ੀ ’ਤੇ ਇਹ ਹੁਕਮ ਜਾਰੀ ਕੀਤੇ ਹਨ। ਏਜੰਸੀ ਦੇ ਵਕੀਲ ਨਿਤੀਸ਼ ਰਾਣਾ ਨੇ ਅਦਾਲਤ ਨੂੰ ਦੱਸਿਆ ਕਿ ਕਈ ਸੰਮਨ ਜਾਰੀ ਹੋਣ ਦੇ ਬਾਵਜੂਦ ਮੁਲਜ਼ਮ ਨਾ ਤਾਂ ਅਦਾਲਤ ਅਤੇ ਨਾ ਹੀ ਜਾਂਚ ਏਜੰਸੀ ਅੱਗੇ ਪੇਸ਼ ਹੋ ਰਹੀ ਹੈ। ਅਦਾਲਤ ਨੇ ਕੇਸ ਦੀ ਸੁਣਵਾਈ 20 ਅਗਸਤ ਲਈ ਮੁਲਤਵੀ ਕਰ ਦਿੱਤੀ। ਇਸ ਕੇਸ ਦਾ ਮੁੱਖ ਸ਼ੱਕੀ ਅਨੂਪ ਮਾਝੀ ਉਰਫ਼ ਲਾਲਾ ਦੱਸਿਆ ਜਾ ਰਿਹਾ ਹੈ। -ਪੀਟੀਆਈ