ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਪਾਣੀ ਦੇ ਸੰਕਟ ਕਾਰਨ ਜਲ ਸ਼ਕਤੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਸਰਕਾਰੀ ਬੁਲਾਰੇ ਨੇ ਅੱਜ ਕਿਹਾ ਕਿ ਸਰਕਾਰ ਨੇ ਆਦੇਸ਼ ਦਿੱਤਾ ਹੈ ਕਿ ਜਲ ਸ਼ਕਤੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਈ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ ਕਿਉਂਕਿ ਸੂਬਾ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਅਧਿਕਾਰੀਆਂ ਨੂੰ ਆਪੋ-ਆਪਣੇ ਤਾਇਨਾਤੀ ਸਥਾਨਾਂ ’ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇ ਕੋਈ ਅਧਿਕਾਰੀ ਜਾਂ ਮੁਲਾਜ਼ਮ ਪਹਿਲਾਂ ਹੀ ਛੁੱਟੀ ’ਤੇ ਚਲਾ ਗਿਆ ਹੈ ਤਾਂ ਉਨ੍ਹਾਂ ਨੂੰ ਆਪੋ-ਆਪਣੇ ਤਾਇਨਾਤੀ ਸਥਾਨਾਂ ’ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ। ਜਲ ਸ਼ਕਤੀ ਵਿਭਾਗ ਦੇ ਇੰਜਨੀਅਰ-ਇਨ-ਚੀਫ, ਚੀਫ ਇੰਜਨੀਅਰ ਅਤੇ ਸੁਪਰਡੈਂਟਿੰਗ ਇੰਜਨੀਅਰਾਂ (ਐੱਸਈ) ਨੂੰ ਸੂਬੇ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨਾਲ ਸਬੰਧਤ ਮਸਲੇ ਦੇ ਹੱਲ ਨੂੰ ਸੁਲਝਾਉਣ ਦੀ ਹਦਾਇਤ ਕੀਤੀ ਗਈ ਹੈ। ਇੱਕ ਅਧਿਕਾਰਿਤ ਬਿਆਨ ਮੁਤਾਬਕ, ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸੇ ਤਰ੍ਹਾਂ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਆਮ ਲੋਕਾਂ ਨੂੰ ਪਾਣੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਵਾਸਤੇ ਫੌਰੀ ਕਦਮ ਚੁੱਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ। -ਪੀਟੀਆਈ