ਨਵੀਂ ਦਿੱਲੀ, 16 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੰਯੁਕਤ ਰਾਸ਼ਟਰ ਦੇ ਖੁਰਾਕ ਅਤੇ ਖੇਤੀਬਾੜੀ ਸੰਗਠਨ (ਐੱਫਏਓ) ਦੇ 75 ਸਾਲ ਪੂਰੇ ਹੋਣ ਦੇ ਮੌਕੇ ’ਤੇ ਇਥੇ 75 ਰੁਪਏ ਦਾ ਸਿੱਕਾ ਜਾਰੀ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਵਿਚੋਂ ਕੁਪੋਸ਼ਣ ਨੂੰ ਦੂਰ ਕਰਨ ਲਈ ਬਾਜਰੇ ਅਤੇ ਵਧੇਰੇ ਪੌਸ਼ਟਿਕ ਫਸਲਾਂ ਨੂੰ ਉਤਸ਼ਾਹਤ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਤੋਂ ਬਾਅਦ ਪੈਦਾ ਹੋਈ ਉਲਝਣ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਫਸਲਾਂ ਦੀ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਲਈ ਐੱਮਐੱਸਪੀ ’ਤੇ ਅਨਾਜ ਦੀ ਖਰੀਦ ਦੇਸ਼ ਦੀ ਭੋਜਨ ਸੁਰੱਖਿਆ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਣਕ ਅਤੇ ਝੋਨੇ ਦੀ ਖਰੀਦ ਦੇ ਸਾਰੇ ਪੁਰਾਣੇ ਰਿਕਾਰਡ ਪਿੱਛੇ ਛੱਡ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀ ਸੁਧਾਰਾਂ ਨਾਲ ਹੀ ਕਿਸਾਨਾਂ ਦੀ ਆਮਦਨ ਵਧੇਗੀ।