ਲਖਨਊ, 22 ਜਨਵਰੀ
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਇੱਥੇ ਕਿਹਾ ਕਿ ਹੋਰ ਪਾਰਟੀਆਂ ਤੋਂ ਵੱਖ ਉਨ੍ਹਾਂ ਦੀ ਪਾਰਟੀ ਕੋਲ ਨੇਤਾ ਤੇ ਨੀਅਤ ਹੈ ਜੋ ਪਾਰਟੀ ਨੂੰ ਅੱਗੇ ਲਿਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਪਰਿਵਾਰਵਾਦ ਤੋਂ ਪ੍ਰਭਾਵਿਤ ਹਨ।
ਉਨ੍ਹਾਂ ਕਿਹਾ, ‘‘ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵਿੱਚ ਪਰਿਵਾਰਵਾਦ ਹੈ। ਭਾਜਪਾ ਹੀ ਇਕੱਲੀ ਅਜਿਹੀ ਪਾਰਟੀ ਹੈ ਜਿਸ ਵਿੱਚ ਇਕ ਆਮ ਆਦਮੀ ਇਕ ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਜਾਂ ਗ੍ਰਹਿ ਮੰਤਰੀ ਬਣ ਸਕਦਾ ਹੈ।’’ ਉਹ ਅੱਜ ਇੱਥੇ ਪਾਰਟੀ ਦੇ ਬੂਥ ਪੱਧਰ ਦੇ ਪ੍ਰਧਾਨਾਂ ਦੀ ਕਾਨਫ਼ਰੰਸ ਮੌਕੇ ਸੰਬੋਧਨ ਕਰ ਰਹੇ ਸਨ। ਇਸ ਪ੍ਰੋਗਰਾਮ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਨੱਢਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਹਰੇਕ ਕਿਸਾਨ ਨੂੰ ਕਿਸਾਨ ਉਤਪਾਦਕ ਸੰਸਥਾ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਨੂੰ ਸਮਾਜਿਕ ਸ਼ਾਂਤੀ ਬਣਾ ਕੇ ਰੱਖਣ ਲਈ ਕਿਹਾ ਜਾਵੇ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਭਾਜਪਾ ਨੇ ਸਿਆਸੀ ਪਾਰਟੀਆਂ ਲਈ ਨਵੇਂ ਮਿਆਰ ਤੈਅ ਕੀਤੇ ਹਨ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਯਾਦਵ ਮੌਰਿਆ ਤੇ ਦਿਨੇਸ਼ ਸ਼ਰਮਾ ਵੀ ਹਾਜ਼ਰ ਸਨ।
-ਪੀਟੀਆਈ