ਡੋਦਰਾ, 20 ਸਤੰਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਗੁਜਰਾਤ ਦੌਰੇ ਮੌਕੇ ਵਾਅਦਾ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਸੂਬੇ ਵਿੱਚ ਸੱਤਾ ਹਾਸਲ ਕਰਦੀ ਹੈ ਤਾਂ ਪੰਜਾਬ ਦੀ ਤਰਜ਼ ’ਤੇ ਗੁਜਰਾਤ ਦੇ ਸਰਕਾਰੀ ਮੁਲਾਜ਼ਮਾਂ ਲਈ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ’ਤੇ ਵਿਚਾਰ ਕਰਨ ਬਾਰੇ ਕਿਹਾ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਦੇ ਮੁਲਾਜ਼ਮਾਂ ਨੇ ਸੜਕਾਂ ’ਤੇ ਪ੍ਰਦਰਸ਼ਨ ਕੀਤੇ ਹਨ ਤੇ ਉਨ੍ਹਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਹੈ। ਉਨ੍ਹਾਂ ਗਰੰਟੀ ਦਿੱਤੀ ਕਿ ਜੇਕਰ ‘ਆਪ’ ਗੁਜਰਾਤ ਵਿੱਚ ਸੱਤਾ ’ਚ ਆਈ ਤਾਂ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕੀਤੀ ਜਾਵੇਗੀ।
ਸ੍ਰੀ ਕੇਜਰੀਵਾਲ ਇਥੇ ਟਾਊਨ ਹਾਲ ਵਿੱਚ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਦਸੰਬਰ ਮਹੀਨੇ ਵਿੱਚ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਨ੍ਹਾਂ ਨੇ ਸਰਕਾਰੀ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਆਪਣਾ ਸੰਘਰਸ਼ ਜਾਰੀ ਰੱਖਣ। ਜੇਕਰ ਮੌਜੂਦਾ ਭਾਜਪਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੰਦੀ ਹੈ ਤਾਂ ਠੀਕ ਨਹੀਂ ਤਾਂ ‘ਆਪ’ ਦੇ ਸੱਤਾ ਵਿੱਚ ਆਉਣ ’ਤੇ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰ ਦਿੱਤੀ ਜਾਵੇਗੀ। ਕੇਜਰੀਵਾਲ ਦੇ ਗੁਜਰਾਤ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ। ਸ੍ਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਜਦੋਂ ਵੀ ਕਾਂਗਰਸੀ ਆਗੂ ਰਾਹੁਲ ਗਾਂਧੀ ਗੁਜਰਾਤ ਦਾ ਦੌਰਾ ਕਰਦੇ ਹਨ ਤਾਂ ਭਾਜਪਾ ਦੇ ਸਮਰਥਕ ਰਾਹੁਲ ਦੇ ਖ਼ਿਲਾਫ਼ ਨਾਅਰੇਬਾਜ਼ੀ ਨਹੀਂ ਕਰਦੇ। ਇਸੇ ਦੌਰਾਨ ਸ੍ਰੀ ਕੇਜਰੀਵਾਲ ਨੇ ਅੰਗਰੇਜ਼ਾਂ ਵੱਲੋਂ ਦਿੱਤੀ ਸਿੱਖਿਆ ਪ੍ਰਣਾਲੀ ਦੀ ਥਾਂ ਦੇਸ਼ ਵਿੱਚ ਸਵਦੇਸ਼ੀ ਸਿੱਖਿਆ ਪ੍ਰਣਾਲੀ ਨੂੰ ਲਾਗੂ ਕਰਨ ’ਤੇ ਜ਼ੋਰ ਦਿੱਤਾ। -ਪੀਟੀਆਈ
ਕਾਂਗਰਸ ਵੱਲੋਂ ਵੀ ਪੈਨਸ਼ਨ ਯੋਜਨਾ ਬਹਾਲ ਕਰਨ ਦਾ ਵਾਅਦਾ
ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਗੁਜਰਾਤ ’ਚ ਚੋਣਾਂ ਜਿੱਤਦੀ ਹੈ ਤਾਂ ਉਹ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰੇਗੀ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਭਾਜਪਾ ਸਰਕਾਰ ਨੇ ਪੁਰਾਣੀ ਪੈਨਸ਼ਨ ਯੋਜਨਾ ਬੰਦ ਕਰਕੇ ਬਜ਼ੁਰਗਾਂ ਤੋਂ ਆਤਮ ਨਿਰਭਰਤਾ ਖੋਹ ਲਈ ਹੈ। ਇਹ ਸਰਕਾਰੀ ਮੁਲਾਜ਼ਮਾਂ ਦਾ ਹੱਕ ਹੈ ਕਿਉਂਕਿ ਉਹ ਦੇਸ਼ ਨੂੰ ਮਜ਼ਬੂਤ ਕਰਦੇ ਹਨ। ਅਸੀਂ ਰਾਜਸਥਾਨ, ਛੱਤੀਸਗੜ੍ਹ ’ਚ ਪੈਨਸ਼ਨ ਯੋਜਨਾ ਬਹਾਲ ਕੀਤੀ ਤੇ ਜੇ ਗੁਜਰਾਤ ’ਚ ਸਾਡੀ ਸਰਕਾਰ ਬਣੀ ਤਾਂ ਅਸੀਂ ਇੱਥੇ ਵੀ ਪੁਰਾਣਾ ਪੈਨਸ਼ਨ ਪ੍ਰਬੰਧ ਲਿਆਵਾਂਗੇ।’ -ਪੀਟੀਆਈ