ਮਾਥਾਭਾਂਗਾ (ਪੱਛਮੀ ਬੰਗਾਲ), 14 ਅਪਰੈਲ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵਿਧਾਨ ਸਭਾ ਚੋਣਾਂ ਦੇ ਚੌਥੇ ਗੇੜ ਦੌਰਾਨ ਸੀਆਈਐੱਸਐੱਫ ਦੀ ਗੋਲੀਬਾਰੀ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਅੱਜ ਮੁਲਾਕਾਤ ਕੀਤੀ। ਇਸ ਦੌਰਾਨ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਪਰਾਧੀਆਂ ਨੂੰ ਸਜ਼ਾ ਦਿਵਾਉਣ ਲਈ ਜਾਂਚ ਆਰੰਭੇਗੀ। ਉਨ੍ਹਾਂ ਇਸ ਗੱਲ ’ਤੇ ਦੁੱਖ ਜ਼ਾਹਿਰ ਕੀਤਾ ਕਿ ਕੂਚ ਬਿਹਾਰ ਵਿਚ ਆਗੂਆਂ ਦੇ ਦਾਖ਼ਲੇ ’ਤੇ ਲਾਈ ਗਈ 72 ਘੰਟਿਆਂ ਦੀ ਪਾਬੰਦੀ ਕਰ ਕੇ ਉਹ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਹੀਂ ਮਿਲ ਸਕੀ। ਉਨ੍ਹਾਂ ਕਿਹਾ, ‘‘ਜਾਂਚ ਵਿਚ ਇਨ੍ਹਾਂ ਦਰਦਨਾਕ ਹੱਤਿਆਵਾਂ ਲਈ ਜ਼ਿੰਮੇਵਾਰ ਹਰ ਵਿਅਕਤੀ ਦਾ ਪਤਾ ਲਾਇਆ ਜਾਵੇਗਾ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲੇ।’’ ਉਨ੍ਹਾਂ ਕਿਹਾ ਕਿ ਉਹ ਪਹਿਲੀ ਵਾਰ ਵੋਟ ਦੇਣ ਜਾ ਰਹੇ 18 ਸਾਲਾਂ ਦੇ ਆਨੰਦ ਬਰਮਨ ਦੇ ਪਰਿਵਾਰ ਨੂੰ ਨਿਆਂ ਦਿਵਾਉਣਾ ਯਕੀਨੀ ਬਣਾਉਣਗੇ ਜਿਸ ਦੀ ਇਸੇ ਜ਼ਿਲ੍ਹੇ ਵਿੱਚ ਵੋਟਿੰਗ ਸੈਂਟਰ ਦੇ ਬਾਹਰ ਗੋਲੀ ਮਾਰੇ ਜਾਣ ਕਾਰਨ ਮੌਤ ਹੋ ਗਈ ਸੀ।