ਨਵੀਂ ਦਿੱਲੀ, 18 ਜੁਲਾਈ
ਸੁਪਰੀਮ ਕੋਰਟ ਨੇ ਅੱਜ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੀਆਂ ਚੋਣਾਂ ’ਤੇ ਗੁਹਾਟੀ ਹਾਈ ਕੋਰਟ ਵੱਲੋਂ ਲਾਈ ਗਈ ਰੋਕ ਹਟਾ ਦਿੱਤੀ ਹੈ। ਜਸਟਿਸ ਅਨਿਰੁਧ ਬੋਸ ਅਤੇ ਐੱਸ.ਵੀ ਭੱਟੀ ਦੇ ਬੈਂਚ ਨੇ ਚੋਣ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ 25 ਜੂਨ ਨੂੰ ਅਸਾਮ ਕੁਸ਼ਤੀ ਐਸੋਸੀਏਸ਼ਨ (ਏਡਬਲਿਊਏ) ਵੱਲੋਂ ਚੋਣਾਂ ’ਚ ਹਿੱਸਾ ਲੈਣ ਦੇ ਅਧਿਕਾਰ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ 11 ਜੁਲਾਈ ਨੂੰ ਹੋਣ ਵਾਲੀਆਂ ਡਬਲਿਊਐੱਫਆਈ ਚੋਣਾਂ ’ਤੇ ਰੋਕ ਲਗਾ ਦਿੱਤੀ ਸੀ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ 25 ਜੂਨ ਵਾਲੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਂਦਰੀ ਖੇਡ ਮੰਤਰਾਲੇ, ਭਾਰਤੀ ਕੁਸ਼ਤੀ ਫੈਡਰੇਸ਼ਨ, ਏਡਬਲਿਊਏ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੌਰਾਨ ਪਟੀਸ਼ਨਕਰਤਾ ‘ਆਂਧਰਾ ਪ੍ਰਦੇਸ਼ ਅਮੈਚਿਓਰ ਰੈਸਲਿੰਗ ਐਸੋਸੀਏਸ਼ਨ’ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਐਤਵਾਰ ਨੂੰ ਇੱਕ ਤੀਜੀ ਧਿਰ ਵੱਲੋਂ ਹਾਈ ਕੋਰਟ ਵਿੱਚ ਪੇਸ਼ ਹੋਣ ਅਤੇ ਮਾਮਲੇ ’ਤੇ ਰੋਕ ਲਾਏ ਜਾਣ ਤੋਂ ਬਾਅਦ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਵਿੱਚ ਦੇਰੀ ਹੋ ਰਹੀ ਹੈ। ਇਸ ਮਗਰੋਂ ਬੈਂਚ ਨੇ ਨੋਟਿਸ ਜਾਰੀ ਕਰ ਕੇ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ। ਹਾਈ ਕੋਰਟ ਨੇ ਬੀਤੇ ਦਿਨ ਅਸਾਮ ਕੁਸ਼ਤੀ ਐਸੋਸੀਏਸ਼ਨ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਦੀ ਅਗਲੀ ਤਰੀਕ 28 ਜੁਲਾਈ ਤੈਅ ਕੀਤੀ ਸੀ। -ਪੀਟੀਆਈ