ਨਵੀਂ ਦਿੱਲੀ, 6 ਅਕਤੂਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੌਰਾਨ ਕਿਸਾਨਾਂ ਦੀ ਮੌਤ ਲਈ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਪੀੜਤ ਪਰਿਵਾਰਾਂ ਲਈ ਨਿਆਂ ਯਕੀਨੀ ਬਣਾਉਣ। ‘ਆਪ’ ਆਗੂ ਨੇ ਮੰਗ ਕੀਤੀ ਕਿ ਇਸ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰ ਜਿਨ੍ਹਾਂ ਦੇ ਪੁੱਤਰ ਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ, ਨੂੰ ਕੇਂਦਰੀ ਵਜ਼ਾਰਤ ’ਚੋਂ ਹਟਾਇਆ ਜਾਵੇ। ਇੱਥੇ ਵਰਚੁਅਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ‘ਪੂਰਾ ਸਿਸਟਮ’ ਕਿਸਾਨਾਂ ਦੇ ਕਾਤਲਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਹੁਣ ਤੱਕ ਇਸ ਕੇਸ ਵਿੱਚ ਕਿਸੇ ਨੂੰ ਕਿਉਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਖਾਤਬਿ ਹੁੰਦਿਆਂ ਕਿਹਾ, ‘‘ਪਿਛਲੇ ਇਕ ਸਾਲ ਤੋਂ ਕਿਸਾਨ ਧਰਨਿਆਂ ’ਤੇ ਬੈਠੇ ਹਨ। ਹੁਣ ਤੱਕ ਸੱਤ ਸੌ ਤੋਂ ਵੱਧ ਕਿਸਾਨ ਰੱਬ ਨੂੰ ਪਿਆਰੇ ਹੋ ਚੁੱਕੇ ਹਨ ਤੇ ਹੁਣ ਕਿਸਾਨਾਂ ਦੀ ਗੱਡੀਆਂ ਦੇ ਪਹੀਆਂ ਹੇਠ ਦਰੜ ਕੇ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਖਿਲਾਫ਼ ਐਨੀ ਨਫ਼ਰਤ ਕਿਉਂ ਹੈ?’’ ਕੇਜਰੀਵਾਲ ਨੇ ਕਿਹਾ, ‘‘ਪ੍ਰਧਾਨ ਮੰਤਰੀ ਜੀ, ਇਕ ਪਾਸੇ ਸਰਕਾਰ ‘ਆਜ਼ਾਦੀ ਦਾ ਮਹੋਤਸਵ’ ਦੇ ਜਸ਼ਨ ਮਨਾ ਰਹੀ ਹੈ ਤੇ ਦੂਜੇ ਪਾਸੇ ਲਖੀਮਪੁਰ ਜਾ ਰਹੇ ਆਗੂਆਂ ਨੂੰ ਰਸਤੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਰਿਹੈ। ਇਹ ਕਿਸ ਤਰ੍ਹਾਂ ਦੀ ਆਜ਼ਾਦੀ ਹੈ? ਅਜਿਹੀਆਂ ਕਾਰਵਾਈਆਂ ਬਰਤਾਨਵੀ ਸ਼ਾਸਕ ਕਰਦੇ ਹੁੰਦੇ ਸਨ।’’ -ਪੀਟੀਆਈ