ਸਾਂਬਾ, 24 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਵਿਕਾਸ ਦੀ ਰਫ਼ਤਾਰ ਵਧਾਉਣ ਲਈ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੌਮੀ ਪੰਚਾਇਤੀ ਰਾਜ ਦਿਵਸ ਸਮਾਗਮ ’ਚ ਹਿੱਸਾ ਲੈਣ ਲਈ ਜੰਮੂ-ਕਸ਼ਮੀਰ ਦੇ ਦੌਰੇ ’ਤੇ ਹਨ। ਸਾਲ 2019 ਵਿੱਚ ਸੂਬੇ ਵਿੱਚੋਂ ਧਾਰਾ 370 ਅਤੇ ਵਿਸ਼ੇਸ਼ ਦਰਜਾ ਖਤਮ ਕੀਤੇ ਜਾਣ ਮਗਰੋਂ ਜੰਮੂ ਅਤੇ ਕਸ਼ਮੀਰ ਦੀ ਆਪਣੀ ਪਹਿਲੀ ਫੇਰੀ ਦੌਰਾਨ ਮੋਦੀ ਨੇ ਇੱਥੋਂ ਨੇੜੇ ਪੱਲੀ ਵਿੱਚ ਕੁਨੈਕਟੀਵਿਟੀ ਅਤੇ ਬਿਜਲੀ ਨਾਲ ਸਬੰਧਤ 20,000 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾਂ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 3,100 ਕਰੋੜ ਦੀ ਲਾਗਤ ਨਾਲ ਬਣੀ ਬਨਿਹਾਲ-ਕਾਜ਼ੀਗੁੰਡ ਸੁਰੰਗ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਜੰਮੂ-ਕਸ਼ਮੀਰ ਵਿੱਚ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕੌਮੀ ਪੰਚਾਇਤੀ ਰਾਜ ਦਿਵਸ ਦੇ ਸਬੰਧ ਵਿੱਚ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਜੰਮੂ-ਕਸ਼ਮੀਰ ਵਿੱਚ ਲੋਕਤੰਤਰ ਜ਼ਮੀਨੀ (ਪੰਚਾਇਤਾਂ ਦੇ) ਪੱਧਰ ’ਤੇ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਕੇਂਦਰੀ ਸ਼ਾਸਿਤ ਪ੍ਰਦੇਸ਼ ਦੇ ਵਿਕਾਸ ਨੂੰ ਨਵਾਂ ਹੁਲਾਰਾ ਦੇਣ ਲਈ, ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਕੁਨੈਕਟੀਵਿਟੀ, ਬਿਜਲੀ ਨਾਲ ਸਬੰਧਤ 20,000 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਾਂ ਉਦਘਾਟਨ ਕੀਤਾ ਗਿਆ ਹੈ।’’ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਭਰ ਦੀਆਂ ਪੰਚਾਇਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਲੋਕਤੰਤਰ ਦੀ ਆਤਮਾ ਪੰਚਾਇਤੀ ਰਾਜ ਸੰਸਥਾਵਾਂ ਦੀ ਮਜ਼ਬੂਤੀ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘‘ਜੰਮੂ-ਕਸ਼ਮੀਰ ਦੇ ਵਿਕਾਸ ਨੂੰ ਨਵਾਂ ਹੁਲਾਰਾ ਦੇਣ ਲਈ ਕੇਂਦਰ ਸ਼ਾਸਤ ਪ੍ਰਦੇਸ਼ ’ਚ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਇਹ ਯਤਨ ਜੰਮੂ-ਕਸ਼ਮੀਰ ਦੇ ਵੱਡੀ ਗਿਣਤੀ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਗੇ।’’ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨਵੀਂ ਪੀੜ੍ਹੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਧਿਆਨ ਦੇਵੇਗੀ। ਪ੍ਰਧਾਨ ਮੰਤਰੀ ਨੇ ਕੌਮੀ ਪੰਚਾਇਤੀ ਰਾਜ ਦਿਵਸ ਸਮਾਗਮ ਵਿੱਚ ਕਿਹਾ ਕਿ ਇਹ ਇੱਕ ਵੱਡੀ ਤਬਦੀਲੀ ਦਾ ਪ੍ਰਤੀਕ ਹੈ ਕਿ ਇਸ ਵਾਰ ਜੰਮੂ-ਕਸ਼ਮੀਰ ਵਿੱਚ ਪੰਚਾਇਤੀ ਰਾਜ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਉਹ ਇਥੋਂ ਦੇਸ਼ ਭਰ ਦੀਆਂ ਪੰਚਾਇਤਾਂ ਨੂੰ ਸੰਬੋਧਨ ਕਰ ਰਹੇ ਹਨ।’’ -ਏਜੰਸੀਆਂ