ਉਤਰਕਾਸ਼ੀ: ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ ਦੇ ਡਾਮਟਾ ’ਚ ਇਕ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ ਉਸ ’ਚ ਸਵਾਰ 25 ਮੁਸਾਫ਼ਰ ਮਾਰੇ ਗਏ ਅਤੇ ਤਿੰਨ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਹਨ। ਬੱਸ ਸਵਾਰ ਮੱਧ ਪ੍ਰਦੇਸ਼ ਤੋਂ ਸਨ ਅਤੇ ਉਹ ਯਮੁਨੋਤਰੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਬੱਸ ’ਚ ਡਰਾਈਵਰ ਅਤੇ ਹੈਲਪਰ ਤੋਂ ਇਲਾਵਾ 28 ਹੋਰ ਮੁਸਾਫ਼ਰ ਸਵਾਰ ਸਨ। ਵਧੀਕ ਮੁੱਖ ਸਕੱਤਰ ਰਾਧਾ ਰਤੂੜੀ ਨੇ ਦੱਸਿਆ ਕਿ 17 ਲਾਸ਼ਾਂ ਮਿਲ ਗਈਆਂ ਹਨ। ਜ਼ਖ਼ਮੀ ਹੋਏ ਤਿੰਨ ਵਿਅਕਤੀਆਂ ਨੂੰ ਡਾਮਟਾ ਦੇ ਕਮਿਊਨਿਟੀ ਸਿਹਤ ਕੇਂਦਰ ’ਚ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਮੈਜਿਸਟਰੇਟ ਨੂੰ ਹਾਦਸੇ ਵਾਲੀ ਥਾਂ ’ਤੇ ਭੇਜਿਆ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਧਾਮੀ ਨਾਲ ਗੱਲਬਾਤ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਨੇ ਹਾਦਸੇ ’ਤੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ ਲਈ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। -ਪੀਟੀਆਈ