ਨਵੀਂ ਦਿੱਲੀ, 11 ਜਨਵਰੀ
ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ’ਤੇ ਉਨ੍ਹਾਂ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਅੱਜ ਨਿਸ਼ਾਨਾ ਸੇਧਿਆ ਹੈ। ਯੋਗੀ ਨੇ ਬੀਤੇ ਦਿਨੀਂ ਕਿਹਾ ਸੀ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ‘80 ਫ਼ੀਸਦੀ ਬਨਾਮ 20 ਫ਼ੀਸਦੀ’ ਦਰਮਿਆਨ ਲੜੀਆਂ ਜਾਣਗੀਆਂ। ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਨੌਜਵਾਨਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਚੋਣਾਂ ਦੌਰਾਨ ਰੁਜ਼ਗਾਰ ਅਤੇ ਸਿੱਖਿਆ ਵਰਗੇ ਮੁੱਦਿਆਂ ਨੂੰ ਉਭਾਰਨ ਦੀ ਅਪੀਲ ਕੀਤੀ। ਪ੍ਰਿਯੰਕਾ ਨੇ ਕਿਹਾ ਕਿ ‘80-20’ ਵਰਗੀਆਂ ਟਿੱਪਣੀਆਂ ਦਾ ਮੰਤਵ ਨੌਜਵਾਨਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਹੈ। ਮੁੱਖ ਮੰਤਰੀ ਯੋਗੀ ਨੇ ਸ਼ਨਿੱਚਰਵਾਰ ਨੂੰ ਇੱਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਯੂਪੀ ਦੀਆਂ ਚੋਣਾਂ ‘80 ਫ਼ੀਸਦੀ ਬਨਾਮ 20 ਫ਼ੀਸਦੀ’ ਹੋਣਗੀਆਂ ਅਤੇ ਭਾਜਪਾ ਮੁੜ ਸੱਤਾ ਵਿੱਚ ਆਵੇਗੀ। ਵੱਖ-ਵੱਖ ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ’ਤੇ ਸ਼ਬਦੀ ਹੱਲਾ ਬੋਲਦਿਆਂ ਦੋਸ਼ ਲਾਇਆ ਸੀ ਕਿ ਇਹ ਧਰੁਵੀਕਰਨ ਦੀ ਕੋਸ਼ਿਸ਼ ਹੈ। ਉਹ ਅਜਿਹਾ ਕਰ ਕੇ ਉਤਰ ਪ੍ਰਦੇਸ਼ ਵਿੱਚ ਹਿੰਦੂਆਂ ਤੇ ਮੁਸਲਮਾਨਾਂ ਦੇ ਅਨੁਪਾਤ ਵੱਲ ਇਸ਼ਾਰਾ ਕਰ ਰਹੇ ਸਨ। -ਪੀਟੀਆਈ