ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਸਤੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪੱਕੇ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਭਾਜਪਾ ਆਪਣੇ ਆਗੂਆਂ ਤੋਂ ਭੜਕਾਊ ਬਿਆਨ ਦਿਵਾ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਹਰ ਹੀਲਾ ਵਰਤ ਰਹੀ ਹੈ ਪਰ ਭਾਜਪਾ ਦੀਆਂ ਭੜਕਾਊ ਚਾਲਾਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਸਥਾਨਕ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਦੇ ਪੱਕੇ ਰੋਸ ਧਰਨੇ ਨੂੰ ਕਿਸਾਨ ਆਗੂ ਰੋਹੀ ਸਿੰਘ ਮੰਗਵਾਲ, ਮੱਘਰ ਸਿੰਘ ਉਭਾਵਾਲ, ਨਿਰਮਲ ਸਿੰਘ ਬਟੜਿਆਣਾ, ਮਹਿੰਦਰ ਸਿੰਘ ਭੱਠਲ, ਲੱਖਮੀ ਚੰਦ, ਨਿਰਭੈ ਸਿੰਘ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਜਿੱਥੇ ਕੇਂਦਰ ਸਰਕਾਰ ਵੱਖ-ਵੱਖ ਤਰ੍ਹਾਂ ਦੇ ਮਨਸੂਬੇ ਘੜ ਕੇ ਦਿੱਲੀ ਦੀਆਂ ਬਰੂਹਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਢਾਹ ਲਾਉਣਾ ਚਾਹੁੰਦੀ ਹੈ, ਉੱਥੇ ਆਪਣੇ ਆਗੂਆਂ ਤੋਂ ਪੰਜਾਬ ਵਿਚ ਭੜਕਾਊ ਬਿਆਨ ਦਿਵਾ ਕੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਤਾਕ ਵਿੱਚ ਹੈ ਤਾਂ ਜੋ ਪੰਜਾਬ ਵਿਚ ਗਵਰਨਰੀ ਰਾਜ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਮਨਸੂਬੇ ਕਦੇ ਵੀ ਸਫ਼ਲ ਨਹੀਂ ਹੋਣਗੇ ਕਿਉਂਕਿ ਕਿਸਾਨਾਂ ਦੇ ਹੌਸਲੇ ਬੁਲੰਦ ਹਨ, ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।
ਕਿਸਾਨ ਆਗੂਆਂ ਨੇ 27 ਸਤੰਬਰ ਨੂੰ ਭਾਰਤ ਬੰਦ ਨੂੰ ਸਫਲ਼ ਬਣਾਉਣ ਲਈ ਪਿੰਡਾਂ ਵਿਚ ਪ੍ਰਚਾਰ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡ-ਪਿੰਡ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇ। ਰੋਸ ਧਰਨੇ ’ਚ ਕੁਲਦੀਪ ਸਿੰਘ ਸੰਗਰੂਰ, ਭਗਵਾਨ ਸਿੰਘ, ਗੁਰਬਖਸ਼ ਸਿੰਘ, ਬਲਵੀਰ ਸਿੰਘ ਉਪਲੀ, ਮਹਿੰਦਰ ਸਿੰਘ, ਗੁਰਨਾਮ ਸਿੰਘ, ਜੋਗਿੰਦਰ ਸਿੰਘ, ਜਸਵੰਤ ਸਿੰਘ ਆਦਿ ਵੱਖ-ਵੱਖ ਪਿੰਡਾਂ ਦੇ ਕਿਸਾਨ ਆਗੂ ਸ਼ਾਮਲ ਸਨ।