ਖੇਤਰੀ ਪ੍ਰਤੀਨਿਧ
ਪਟਿਆਲਾ, 5 ਜੁਲਾਈ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਲੰਘਣ ਕਰਨ ਵਾਲਿਆਂ ਨੂੰ 5 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਜ਼ੁਰਮਾਨਾ ਅਤੇ 6 ਮਹੀਨੇ ਦੀ ਕੈਦ ਦੀ ਵਿਵਸਥਾ ਵੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤ ਦੌਰਾਨ ਸੜਕਾਂ ਹੇਠ ਪੁਲੀਆਂ ਨੂੰ ਬੰਦ ਕਰਨ ਸਣੇ ਖੇਤਾਂ ਵਿੱਚ ਬੰਨ੍ਹ ਬਣਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ ਅਤੇ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕੇ ਜਾਣ ਕਰ ਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ। ਬਰਸਾਤੀ ਪਾਣੀ ਦੇ ਵਹਾਅ ’ਤੇ ਨਿਗਰਾਨੀ ਕਰਨ ਲਈ ਸਬ-ਡਿਵੀਜ਼ਨ ਪੱਧਰ ’ਤੇ ਐਸਡੀਐਮਜ਼ ਦੀ ਅਗਵਾਈ ਹੇਠ ਕਮੇਟੀਆਂ ਵੀ ਗਠਿਤ ਕੀਤੀਆਂ ਹਨ। ਇਸ ’ਚ ਡੀਐਸਪੀਜ਼ ਤੇ ਡਰੇਨੇਜ਼, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਦੇ ਅਧਿਕਾਰੀਆਂ ਤੇ ਬੀਡੀਪੀਓਜ਼ ਨੂੰ ਸ਼ਾਮਲ ਕੀਤਾ ਗਿਆ ਹੈ।