ਗੁਰਨਾਮ ਸਿੰਘ ਚੌਹਾਨ
ਪਾਤੜਾਂ, 4 ਜਨਵਰੀ
ਹਲਕਾ ਸ਼ੁਤਰਾਣਾ ਤੋਂ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਨੇ ਆਪਣੀ ਸਰਕਾਰ ’ਤੇ ਉਨ੍ਹਾਂ ਦੇ ਹਲਕੇ ਨਾਲ ਵਿਤਕਰਾ ਕਰਨ ਦੇ ਦੋਸ਼ ਲਾਏ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵੱਲੋਂ ਹਲਕੇ ਦੀ ਕੀਤੀ ਜਾ ਰਹੀ ਅਣਦੇਖੀ ਨੂੰ ਲੈ ਕੁਝ ਸਮਾਂ ਪਹਿਲਾਂ ਮੋਤੀ ਮਹਿਲ ਖ਼ਿਲਾਫ਼ ਆਵਾਜ਼ ਬੁਲੰਦ ਕਰ ਚੁੱਕੇ ਇਸ ਵਿਧਾਇਕ ਨੇ ਕਿਹਾ ਹੈ ਕਿ ਜੇ ਸਰਕਾਰ ਨੇ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਫੰਡ ਜਾਰੀ ਨਾ ਕੀਤੇ ਤਾਂ ਉਹ ਵਿਧਾਨ ਸਭਾ ਚੋਣ ਨਹੀਂ ਲੜਨਗੇ। ਹਲਕਾ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਦੇ ਸੱਤਰ ਅਜਿਹੇ ਪਿੰਡ ਹਨ ਜਿਨ੍ਹਾਂ ਨੂੰ ਵਿਕਾਸ ਲਈ ਫੁੱਟੀ ਕੌਡੀ ਵੀ ਨਹੀਂ ਮਿਲੀ ਜਦੋਂਕਿ ਪੰਜਾਬ ਸਰਕਾਰ ਵੱਲੋਂ 14 ਕਰੋੜ ਦੀ ਗ੍ਰਾਂਟ ਹਲਕੇ ਦੇ ਵਿਕਾਸ ਕਾਰਜਾਂ ਵਾਸਤੇ ਜਾਰੀ ਕੀਤੀ ਜਾ ਚੁੱਕੀ ਹੈ ਪਰ ਇਕ ਕਾਂਗਰਸੀ ਆਗੂ ਤੇ ਇਸ਼ਾਰੇ ’ਤੇ ਗ੍ਰਾਂਟ ਰੋਕੀ ਗਈ ਹੈ। ਉਹ ਚਾਰ ਦਿਨਾਂ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਮਿਲਕੇ ਗਰਾਂਟ ਜਾਰੀ ਕਰਨ ਲਈ ਕਹਿ ਚੁੱਕੇ ਹਨ ਪਰ ਮੁੱਖ ਮੰਤਰੀ ਵੱਲੋਂ ਪ੍ਰਿੰਸੀਪਲ ਸੈਕਟਰੀ ਹੁਸਨ ਲਾਲ ਨੂੰ ਨਿਰਦੇਸ਼ ਦਿੱਤੇ ਜਾਣ ਦੇ ਬਾਵਜੂਦ ਟਾਲਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕੁਝ ਵਿਧਾਇਕ ਮੁੱਖ ਮੰਤਰੀ ’ਤੇ ਭਾਰੂ ਹਨ। ਉਨ੍ਹਾਂ ਦੇ ਇਸ਼ਾਰੇ ’ਤੇ ਹਲਕੇ ਨਾਲ ਵਿਤਕਰਾ ਜਾਰੀ ਹੈ। ਉਨ੍ਹਾਂ ਰਹੱਸ ਤੋਂ ਪਰਦਾ ਉਠਾਉਂਦਿਆਂ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਹੈ ਕਿ ਕੁਝ ਵਿਧਾਇਕਾਂ ਨੇ ਉਨ੍ਹਾਂ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ’ਤੇ ਇਕੱਠੇ ਚੱਲਣ ਦਾ ਵਾਅਦਾ ਕੀਤਾ ਸੀ ਬਾਅਦ ’ਚ ਉਨ੍ਹਾਂ ਆਪਣੇ ਪੈਰ ਪਿੱਛੇ ਖਿੱਚ ਲਏ।