ਗੁਰਨਾਮ ਸਿੰਘ ਚੌਹਾਨ
ਪਾਤੜਾਂ, 9 ਮਾਰਚ
ਪੰਜਾਬ ਅਤੇ ਯੂਟੀ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਇੱਥੇ ਰੋਸ ਪ੍ਰਦਰਸ਼ਨ ਕਰ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਇਕੱਤਰ ਮੁਲਾਜ਼ਮਾਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ।
ਡੀਟੀਐੱਫ ਦੇ ਬਲਾਕ ਪ੍ਰਧਾਨ ਜਗਤਾਰ ਰਾਮ ਤੇ ਗੁਰਜੀਤ ਘੱਗਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਚਾਰ ਵਾਅਦੇ ਕੀਤੇ ਸਨ ਜਿਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਉਲਟਾ ਹੱਕ ਮੰਗਣ ਵਾਲੇ ਲੋਕਾਂ ਨੂੰ ਡੰਡਿਆਂ ਅਤੇ ਝੂਠੇ ਪੁਲੀਸ ਕੇਸਾਂ ਦਾ ਡਰ ਦਿਖਾਇਆ ਜਾ ਰਿਹਾ ਹੈ। ਮਿਡ-ਡੇਅ ਮੀਲ ਦੇ ਬਲਾਕ ਆਗੂ ਰੀਨਾ ਰਾਣੀ ਅਤੇ ਵੀਨਾ ਰਾਣੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਲੰਟੀਅਰ ਅਧਿਆਪਕਾਂ ਦੇ ਧਰਨੇ ’ਤੇ ਜਾ ਕੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਜਦਕਿ ਉਨ੍ਹਾਂ ਨੂੰ ਸੱਤਾ ਵਿਚ ਆਇਆਂ ਨੂੰ ਚਾਰ ਸਾਲ ਬੀਤ ਚੁੱਕੇ ਹਨ ਪਰ ਕੱਚੇ ਕਾਮੇ ਉਸੇ ਤਰ੍ਹਾਂ ਹੀ ਠੇਕਾ ਪ੍ਰਣਾਲੀ ਦਾ ਦਰਦ ਹੰਢਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ ਜੋ ਕਿ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ। ਕੱਲ੍ਹ ਦੇ ਲਾਠੀਚਾਰਜ ਵਿੱਚ 12 ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ’ਤੇ ਝੂਠੇ ਪਰਚੇ ਦਰਜ ਕੀਤੇ ਗਏ ਜੋ ਕਿ ਲੋਕਤੰਤਰ ਦਾ ਘਾਣ ਹੈ।