ਗੁਰਨਾਮ ਸਿੰਘ ਅਕੀਦਾ
ਪਟਿਆਲਾ, 22 ਜੂਨ
ਇੱਥੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੂੰ ਉਸ ਦੇ ਘਰ ਦੇ ਬਾਹਰ ਲੰਘੀ ਰਾਤ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਹਮਲੇ ਦੌਰਾਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਬੇਸੁੱਧ ਹੋ ਕੇ ਉੱਥੇ ਹੀ ਡਿੱਗ ਪਏ ਜਿਸ ਦੀ ਸੂਚਨਾ ਮਿਲਦੇ ਹੀ ਉੱਥੇ ਪੁੱਜੇ ਆਮ ਆਦਮੀ ਪਾਰਟੀ ਦੇ ਦੂਸਰੇ ਵਰਕਰਾਂ ਨੇ ਪ੍ਰਧਾਨ ਤੇਜਿੰਦਰ ਮਹਿਤਾ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਉੱਥੇ ਹੀ ਥਾਣਾ ਕੋਤਵਾਲੀ ਪੁਲੀਸ ਨੂੰ ਹਮਲੇ ਦੀ ਸੂਚਨਾ ਸਬੰਧੀ ਸ਼ਿਕਾਇਤ ਵੀ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ’ਚ ਜ਼ੇਰੇ ਇਲਾਜ ਜ਼ਖ਼ਮੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ ਪਿਛਲੇ ਕੁਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰ ਨਸ਼ੇ ਦੇ ਸੇਵਨ ਕਰਕੇ ਰੋਜ਼ਾਨਾ ਗਾਲ਼ੀ ਗਲੋਚ ਕਰਦੇ ਸਨ ਜਿਨ੍ਹਾਂ ਨੂੰ ਉਨ੍ਹਾਂ ਨੇ ਰਾਤ ਦਸ ਵਜੇ ਦੇ ਕਰੀਬ ਉੱਥੋਂ ਜਾਣ ਲਈ ਹਦਾਇਤ ਵੀ ਕੀਤੀ ਸੀ। ਇਸ ਦੌਰਾਨ ਤੈਸ਼ ਵਿੱਚ ਆਏ ਦੋਵਾਂ ਵਿਅਕਤੀਆਂ ਨੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਤੇ ਉਹ ਜ਼ਖ਼ਮੀ ਹੋ ਕੇ ਬੇਸੁੱਧ ਹੋ ਕੇ ਉੱਥੇ ਹੀ ਡਿੱਗ ਪਏ ਤੇ ਉਨ੍ਹਾਂ ਨੂੰ ਛੁਡਾਉਣ ਲਈ ਪੁੱਜੇ ਉਨ੍ਹਾਂ ਦੀ ਦੁਕਾਨ ’ਤੇ ਕੰਮ ਕਰਨ ਲਈ ਆਏ ਵਰਕਰ ’ਤੇ ਵੀ ਹਮਲਾ ਕਰ ਦਿੱਤਾ ਤੇ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ। ਤੇਜਿੰਦਰ ਮਹਿਤਾ ਨੇ ਦੋਸ਼ ਲਗਾਏ ਕਿ ਉਨ੍ਹਾਂ ’ਤੇ ਇਹ ਹਮਲਾ ਕਾਂਗਰਸ ਪਾਰਟੀ ਤੇ ਸ਼੍ਰੋਮਣੀ ਅਕਾਲੀ ਦੇ ਵੱਡੇ ਲੀਡਰਾਂ ਸਮੇਤ ਪੁਲੀਸ ਅਧਿਕਾਰੀਆਂ ਦੀ ਸ਼ਹਿ ’ਤੇ ਹੋਇਆ ਹੈ। ਉਨ੍ਹਾਂ ਦੀ ਐੱਸਐੱਸਪੀ ਡਾ. ਸੰਦੀਪ ਗਰਗ ਤੋਂ ਮੰਗ ਹੈ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਜੇਕਰ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਥਾਣਾ ਕੋਤਵਾਲੀ ਦਾ ਘਿਰਾਓ ਕੀਤਾ ਜਾਵੇਗਾ।