ਗੁਰਨਾਮ ਸਿੰਘ ਅਕੀਦਾ
ਪਟਿਆਲਾ, 3 ਸਤੰਬਰ
ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬਰਗਾੜੀ ਕਾਂਡ ਅਤੇ ਹੁਣ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ 328 ਪਾਵਨ ਸਰੂਪਾਂ ਦੇ ਸਬੰਧ ਵਿੱਚ ਸਿੱਧੇ ਤੌਰ ’ਤੇ ਬਾਦਲ ਪਰਿਵਾਰ ਜ਼ਿੰਮੇਵਾਰ ਹੈ, ਜਿਨ੍ਹਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਜ਼ਿਸ਼ੀ ਚੁੱਪ ਧਾਰ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਹਰ ਗੱਲ ਬਰਦਾਸ਼ਤ ਕਰ ਸਕਦੇ ਹਨ ਪਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਦੇ ਬਰਦਾਸ਼ਤ ਨਹੀਂ ਕਰ ਸਕਦੇ। ਸ੍ਰੀ ਬੈਂਸ ਦਾ ਅੱਜ ਇੱਥੇ ਪਾਰਟੀ ਦੀ ਪਟਿਆਲਾ ਇਕਾਈ ਵੱਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਦੌਰਾਨ ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਸ਼ਰਾਬ ਮਾਫ਼ੀਆ ਹੀ ਨਹੀਂ ਸਗੋਂ ਹਰ ਖੇਤਰ ਵਿਚ ਮਾਫ਼ੀਆ ਨੇ ਆਪਣੇ ਪੈਰ ਪਸਾਰੇ ਹੋਏ ਹਨ ਪਰ ਕੈਪਟਨ ਸਰਕਾਰ ਕਰੋਨਾਵਾਇਰਸ ਦੀ ਆੜ ਵਿੱਚ ਸਾਰਾ ਕੁਝ ਭੁਲਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਪਾਸ ਕੀਤੇ ਗਏ ਭਾਸ਼ਾ ਐਕਟ ਵਿੱਚ ਪੰਜਾਬੀ ਨੂੰ ਦਰਕਿਨਾਰ ਕਰਨਾ ਕੇਂਦਰ ਸਰਕਾਰ ਦੀ ਬਹੁਤ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗੁੰਮ ਹੋ ਗਏ ਹਨ ਤੇ ਇਸ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਿਲਕੁਲ ਚੁੱਪ ਹਨ, ਜਦ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਆਪਣਾ ਪੱਖ ਸਪਸ਼ਟ ਕਰਨਾ ਬਣਦਾ ਸੀ। ਉਨ੍ਹਾਂ ਕਿਹਾ ਕਿ 328 ਸਰੂਪਾਂ ਦੇ ਮਾਮਲੇ ਵਿੱਚ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲੀ ਕਾਰਵਾਈ ਕੀਤੀ ਜਾ ਰਹੀ ਹੈ। ਆਮ ਮੁਲਾਜ਼ਮਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਪਰ ਜੋ ਵੱਡੇ ਲੋਕ ਜ਼ਿੰਮੇਵਾਰ ਹਨ ਉਨ੍ਹਾਂ ਦਾ ਜ਼ਿਕਰ ਵੀ ਨਹੀਂ ਕੀਤਾ ਜਾ ਰਿਹਾ। ਇਸੇ ਤਰ੍ਹਾਂ ਬਰਗਾੜੀ ਕਾਂਡ ਵਿਚ ਵੀ ਪੰਜਾਬ ਸਰਕਾਰ ਸਾਜ਼ਿਸ਼ੀ ਚੁੱਪ ਧਾਰ ਕੇ ਬੈਠੀ ਹੈ। ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਮਾਫ਼ੀਆ ਵਿਚ ਘਿਰੀ ਹੋਈ ਹੈ। ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਗ਼ਰੀਬ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਰੁਪਏ ਖਾਣ ਦੇ ਦੋਸ਼ ਲੱਗ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀ ’ਤੇ ਕਾਰਵਾਈ ਕਰਨ ਦੀ ਬਜਾਇ ਉਨ੍ਹਾਂ ਨੂੰ ਬਚਾਉਣ ’ਚ ਲੱਗੇ ਹਨ। ਇਸ ਦੌਰਾਨ ਪਟਿਆਲਾ ਵਿਚ ਸਿਮਰਨਜੀਤ ਸਿੰਘ ਬੈਂਸ ਦਾ ਸਨਮਾਨ ਵੀ ਕੀਤਾ ਗਿਆ।