ਖੇਤਰੀ ਪ੍ਰਤੀਨਿਧ
ਪਟਿਆਲਾ, 27 ਅਗਸਤ
ਪੰਜਾਬ ਸਰਕਾਰ ਨੇ ਜ਼ਿਲ੍ਹਾ ਪਟਿਆਲਾ ਦੇ ਇੱਕ ਹੋਰ ਇਲਾਕੇ ਬਡੂੰਗਰ ਨੂੰ ਅਫ਼ਰੀਕਨ ਸਵਾਈਨ ਫੀਵਰ ਨਾਲ ਪ੍ਰਭਾਵਿਤ ਜ਼ੋਨ ਐਲਾਨ ਦਿੱਤਾ ਹੈ। ਭਾਰਤੀ ਖੇਤੀਬਾੜੀ ਖੋਜ ਕੌਂਸਲ-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਨੇ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਕੀਤੀ ਹੈ। ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009 ਅਤੇ ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020) ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਬੁਲਾਰੇ ਦਾ ਕਹਿਣਾ ਸੀ ਕਿ ਬਿਮਾਰੀ ਦੇ ਕੇਂਦਰ ਐਲਾਨੇ ਖੇਤਰ ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ਸੰਕ੍ਰਮਿਤ ਜ਼ੋਨ ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ ਨਿਗਰਾਨੀ ਜ਼ੋਨ ਹੋਣਗੇ।
ਸਰਕਾਰ ਵੱਲੋਂ ਸਖਤੀ ਨਾਲ ਲਏ ਗਏ ਫ਼ੈਸਲੇ ਤਹਿਤ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।
ਪਹਿਲਾਂ ਜ਼ਿਲ੍ਹਾ ਪਟਿਆਲਾ ਦੇ ਬਿਲਾਸਪੁਰ, ਸਨੌਰੀ ਅੱਡਾ ਅਤੇ ਮੰਜਾਲ ਖ਼ੁਰਦ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਸੀ। ਪੰਜਾਬ ਨੂੰ ਪਹਿਲਾਂ ਹੀ ਨਿਯੰਤਰਿਤ ਖੇਤਰ ਐਲਾਨਿਆ ਜਾ ਚੁੱਕਾ ਹੈ ਅਤੇ ਸੂਰ ਜਾਂ ਸਬੰਧਤ ਸਾਮਾਨ ਦੀ ਅੰਤਰ-ਜ਼ਿਲ੍ਹਾ ਅਤੇ ਅੰਤਰਰਾਜੀ ਆਵਾਜਾਈ ’ਤੇ ਸਖ਼ਤੀ ਨਾਲ ਪਾਬੰਦੀ ਜਾਰੀ ਹੈ। ਇਸ ਦੌਰਾਨ ਸਰਕਾਰੀ ਬੁਲਾਰੇ ਵੱਲੋਂ ਜਾਰੀ ਕੀਤੇ ਗਏ ਬਿਆਨ ’ਚ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਬਿਮਾਰੀ ਦੀ ਰੋਕਥਾਮ ਲਈ ਸਰਕਾਰ ਨੂੰ ਸਹਿਯੋਗ ਦੇਣ।
ਉਨ੍ਹਾਂ ਕਿਹਾ ਕਿ ਸੂਰ ਪਾਲਕ ਦੂਜੇ ਫਾਰਮਾਂ ਅਤੇ ਹੋਰਨਾਂ ਥਾਵਾਂ ’ਤੇ ਜਾਂ ਜ਼ਿਲ੍ਹਿਆਂ ਵਿੱਚ ਨਾ ਜਾਣ ਅਤੇ ਸੂਰਾਂ ਲਈ ਖੁਰਾਕ ਆਪਣੇ ਫਾਰਮ ’ਤੇ ਹੀ ਤਿਆਰ ਕਰਨ। ਇਸ ਤੋਂ ਇਲਾਵਾ ਵਪਾਰੀਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਵੀ ਆਪਣੇ ਫਾਰਮਾਂ ’ਤੇ ਆਉਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ।