ਪੱਤਰ ਪ੍ਰੇਰਕ
ਰਾਜਪੁਰਾ, 21 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਸੁਖਜੀਤ ਸਿੰਘ ਬਘੌਰਾ ਨੇ ਸੰਯੁਕਤ ਕਿਸਾਨ ਮੋਰਚੇ ਦੀ ਲੀਹ ਤੋਂ ਹੱਟ ਕੇ ਮੋਰਚੇ ਦੇ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੇ ਉਸ ਬਿਆਨ ਦਾ ਸਮਰਥਨ ਕੀਤਾ ਹੈ, ਜਿਸ ਵਿੱਚ ਚੜੂਨੀ ਨੇ ਦੇਸ਼ ਦੀ ਰਾਜਨੀਤੀ ਬਦਲਣ ਲਈ ਰਾਜਨੀਤੀ ਵਿੱਚ ਚੰਗੇ ਲੋਕਾਂ ਤੇ ਅੰਨਦਾਤਾ ਦੇ ਅੱਗੇ ਆਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਬਘੌਰਾ ਨੇ ਆਖਿਆ ਕਿ ਦੇਸ਼ ਵਿੱਚ ਕਾਰਪੋਰੇਟ ਪੱਖੀ ਤੇ ਲੋਕ ਵਿਰੋਧੀ ਫੈ਼ਸਲੇ ਲੈਣ ਵਾਲੇ ਸਿਆਸਤਦਾਨਾਂ ਨੂੰ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਗੰਦੀ ਰਾਜਨੀਤੀ ਨੂੰ ਖਤਮ ਕਰਨ ਲਈ ਕਿਸਾਨਾਂ ਨੂੰ ਅੱਗੇ ਆਉਣਾ ਪਵੇਗਾ। ਜਥੇਦਾਰ ਬਘੌਰਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਰੱਦ ਕਰਕੇ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਹੋਣ ਦਾ ਕਾਨੂੰਨ ਨਹੀਂ ਬਣਾਉਂਦੀ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।