ਪੱਤਰ ਪ੍ਰੇਰਕ
ਪਟਿਆਲਾ, 18 ਜਨਵਰੀ
ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਦੇ ਗ਼ਲਤ ਫ਼ੈਸਲਿਆਂ ਨੇ ਅੱਜ ਪੰਜਾਬ ਦਾ ਬੇੜਾ ਗ਼ਰਕ ਕਰ ਕੇ ਰੱਖ ਦਿੱਤਾ ਹੈ। ਹਰ ਵਰਗ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਾਰਨ ਪ੍ਰੇਸ਼ਾਨ ਹੈ। ਉਹ ਅੱਜ ਰੱਖੜਾ ਪਿੰਡ ਵਿਚ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸ਼ੇਰਮਾਜਰਾ, ਦੁੱਧ ਤੋਂ ਬਹੁਤ ਸਾਰੇ ਕਾਂਗਰਸ ਅਤੇ ‘ਆਪ’ ਆਗੂ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ, ਜੋ ਮਜਬੂਰੀ ਦਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਅਜਿਹੇ ਫ਼ੈਸਲੇ ਵੋਟਰਾਂ ਨੂੰ ਭਰਮਾ ਨਹੀਂ ਸਕਣਗੇ। ਇਸ ਵਾਰ ਲੋਕ ਅਕਾਲੀ ਦਲ ਦੇ ਹੱਕ ਵਿਚ ਭੁਗਤਣਗੇ।