ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 18 ਜਨਵਰੀ
ਵਿਧਾਨ ਸਭਾ ਹਲਕਾ ਰਾਜਪੁਰਾ ਦੀ ਸੀਟ ਲਈ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਵਿਚਕਾਰ ਪੇਚ ਫਸ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਹਲਕਾ ਰਾਜਪੁਰਾ ਦੀ ਸੀਟ ’ਤੇ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋਏ ਸੇਠ ਜਗਦੀਸ਼ ਕੁਮਾਰ ਜੱਗਾ ਨੂੰ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਖ਼ਿਲਾਫ਼ ਲੜਾਉਣਾ ਚਾਹੁੰਦੇ ਹਨ, ਜਦੋਂ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਇੱਥੋਂ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਰਜੀਤ ਗਰੇਵਾਲ ਚੋਣ ਲੜਨ ਦੇ ਇੱਛੁਕ ਹਨ। ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਜਗਦੀਸ਼ ਕੁਮਾਰ ਜੱਗਾ ਨੂੰ ਉਮੀਦਵਾਰ ਬਣਾਉਣ ਲਈ ਸਖ਼ਤ ਸਟੈਂਡ ਲਿਆ ਹੋਇਆ ਹੈ। ਉੱਧਰ ਜੱਗਾ ਨੇ ਵੀ ਇੱਥੋਂ ਚੋਣ ਲੜਨ ਦੀ ਪੂਰੀ ਤਿਆਰੀ ਖਿੱਚੀ ਹੋਈ ਹੈ। ਹੁਣ ਰਾਜਪੁਰਾ ਵਾਸੀਆਂ ਦੀਆਂ ਨਜ਼ਰਾਂ ਪੀਐੱਲਸੀ ’ਤੇ ਟਿਕੀਆਂ ਹੋਈਆਂ ਹਨ ਕਿਉਂਕਿ ਜੱਗਾ ਰਾਜਪੁਰਾ ਵਿੱਚ ਸੰਘਣੀ ਆਬਾਦੀ ਵਾਲ਼ੀ ਇਕ ਖ਼ਾਸ ਬਰਾਦਰੀ ਨਾਲ ਸਬੰਧ ਰੱਖਦੇ ਹਨ।